ਸੰਗਰੂਰ, 13 ਨਵੰਬਰ- ਸੰਗਰੂਰ ਜ਼ਿਲ੍ਹੇ ਨੂੰ ਬਾਲ ਵਿਆਹ ਮੁਕਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ 27 ਨਵੰਬਰ ਤੋਂ 100 ਦਿਨਾਂ ਦੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁਹਿੰਮ ਦੀਆਂ ਤਿਆਰੀਆਂ ਸਬੰਧੀ ਅੱਜ ਸੰਗਠਨ ਨੇ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਸੰਗਰੂਰ ਦੀ ਟੀਮ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਿੰਡ ਪੱਧਰ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ, ਸਥਾਨਕ ਭਾਈਚਾਰੇ ਨੂੰ ਮੁਹਿੰਮ ਨਾਲ ਜੋੜਨ ਅਤੇ ਸੰਭਾਵਿਤ ਬਾਲ ਵਿਆਹਾਂ ਦੀ ਸੂਚਨਾ ਸਮੇਂ ਸਿਰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਬਾਰੇ ਕਾਰਜ ਯੋਜਨਾ ਉਲੀਕੀ ਗਈ।
ਮੀਟਿੰਗ ਵਿੱਚ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ, ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਵੱਲੋਂ ਨਵਨੀਤ ਕੌਰ ਤੂਰ, ਸਿਮਤਾ ਅਤੇ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ।
ਬਾਲ ਵਿਆਹ, ਘੱਟ ਉਮਰ ਵਿੱਚ ਵਿਆਹ ਅਤੇ ਜ਼ਬਰਦਸਤੀ ਵਿਆਹ ਦੇ ਖ਼ਾਤਮੇ ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ 27 ਨਵੰਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਘੱਟ ਉਮਰ ਵਿੱਚ ਵਿਆਹ ਦਾ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਭਵਿੱਖ ’ਤੇ ਕੀ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਮੌਜੂਦ ਕਾਨੂੰਨੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਮੁਹਿੰਮ ਦੌਰਾਨ ਸਰਪੰਚਾਂ, ਪੰਚਾਇਤੀ ਨੁਮਾਇੰਦਿਆਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਪਿੰਡਾਂ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਰਾਹੀਂ ਪਰਿਵਾਰਾਂ ਨੂੰ ਜਾਣੂ ਕਰਵਾਇਆ ਜਾਵੇਗਾ ਕਿ ਸੰਭਾਵਿਤ ਬਾਲ ਵਿਆਹ ਦੀ ਪਛਾਣ ਹੋਣ ’ਤੇ ਕਿਸ ਕੋਲ ਸੂਚਨਾ ਦੇਣੀ ਹੈ ਅਤੇ ਬੱਚਿਆਂ ਦੀ ਸੁਰੱਖਿਆ ਲਈ ਕਿਹੜੀਆਂ ਸਰਕਾਰੀ ਸੇਵਾਵਾਂ ਉਪਲਬਧ ਹਨ।
ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਨੇ ਕਿਹਾ ਕਿ ਬਾਲ ਵਿਆਹ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰੀ ਵਿਭਾਗਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਾਂਝੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲਗਾਤਾਰ ਜਾਗਰੂਕਤਾ ਅਤੇ ਸਮੇਂ ਸਿਰ ਸੂਚਨਾ ਮਿਲਣ ਨਾਲ ਬਾਲ ਵਿਆਹ ਰੋਕਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਬੱਚੇ ਦਾ ਵਿਆਹ ਕਰਵਾਏ ਜਾਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।
ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਵੱਧ ਤੋਂ ਵੱਧ ਪਿੰਡਾਂ ਅਤੇ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਬਾਲ ਵਿਆਹ ਦੀ ਰੋਕਥਾਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਪੰਚ, ਆਂਗਣਵਾੜੀ ਅਤੇ ਆਸ਼ਾ ਵਰਕਰ, ਅਧਿਆਪਕ ਤੇ ਨੌਜਵਾਨ ਪਰਿਵਾਰਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਸਬੰਧਤ ਵਿਭਾਗਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਸੰਗਰੂਰ ਵੱਲੋਂ ਨਵਨੀਤ ਕੌਰ ਤੂਰ ਨੇ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਲਈ ਸੰਗਠਨ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਕਾਈ ਵੱਲੋਂ 27 ਨਵੰਬਰ ਦੇ ਪ੍ਰੋਗਰਾਮਾਂ ਅਤੇ 100 ਦਿਨਾਂ ਦੀ ਮੁਹਿੰਮ ਦੌਰਾਨ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਅਤੇ ਸਥਾਨਕ ਭਾਈਵਾਲਾਂ ਨਾਲ ਤਾਲਮੇਲ ਕਰਕੇ ਜਾਗਰੂਕਤਾ ਗਤੀਵਿਧੀਆਂ ਵੱਧ ਤੋਂ ਵੱਧ ਪਿੰਡਾਂ ਤੱਕ ਪਹੁੰਚਾਈਆਂ ਜਾਣਗੀਆਂ।
ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਨੇ ਸਰਕਾਰੀ ਵਿਭਾਗਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ, ਤਾਂ ਜੋ ਸਾਂਝੇ ਯਤਨਾਂ ਨਾਲ ‘ਬਾਲ ਵਿਆਹ ਮੁਕਤ ਸੰਗਰੂਰ’ ਦਾ ਟੀਚਾ ਹਾਸਲ ਕੀਤਾ ਜਾ ਸਕੇ।
