ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 124ਵੀਂ ਅਤੇ 125ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਸੈਦਪੁਰ ਅਤੇ ਰੁੜਕਾ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਵਿੱਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਇਸ ਯੋਜਨਾ ਦੀ ਸਫਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਦਿਲਚਸਪੀ ਲੈ ਕੇ ਸੂਬੇ ਦੇ ਬਜ਼ੁਰਗਾਂ ਦੀ ਆਸਥਾ ਅਤੇ ਸ਼ਰਧਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਯੋਜਨਾ ਸ਼ੁਰੂ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਿਆਮ, ਹਰਿਦੁਆਰ, ਮਥੁਰਾ ਅਤੇ ਵਰਿੰਦਾਵਨ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਵੀ ਸ਼ਰਧਾਲੂਆਂ ਦੇ ਕਾਫਲੇ ਰੋਜ਼ਾਨਾ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਯਾਤਰਾ ਵਿੱਚ ਬੀਬੀਆਂ ਦਾ ਜਥਾ ਵੀ ਸ਼ਾਮਲ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ ਨਾਲ ਜੋੜਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ 14 ਤੋਂ 70 ਸਾਲ ਤੱਕ ਦੀ ਉਮਰ ਦੇ ਖਿਡਾਰੀ ਭਾਗ ਲੈ ਰਹੇ ਹਨ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਖੇਡ ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।
ਉਨ੍ਹਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸ਼ਰਧਾਲੂ ਜਿਨ੍ਹਾਂ ਮਨੋਕਾਮਨਾਵਾਂ ਨਾਲ ਪਵਿੱਤਰ ਧਰਤੀ ’ਤੇ ਜਾ ਰਹੇ ਹਨ, ਉਹ ਸਾਰੀਆਂ ਪੂਰੀਆਂ ਹੋਣ। ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲਗਾਤਾਰ ਜਾਰੀ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਕੈਪਟਨ ਗੁਲਜ਼ਾਰ ਸਿੰਘ, ਮਲਕੀਤ ਕੌਰ ਪਤਨੀ ਗੁਰਜੀਤ ਸਿੰਘ ਸੈਦਪੁਰ, ਹਰਨੇਕ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਨਵਪ੍ਰੀਤ ਸਿੰਘ, ਜਸਪਾਲ ਸਿੰਘ, ਕਿਰਨਦੀਪ ਕੌਰ ਪਤਨੀ ਹਰਜੀਤ ਸਿੰਘ ਰੁੜਕਾ, ਹਰਕਮਲਜੀਤ ਸਿੰਘ ਨੰਬਰਦਾਰ, ਕਰਮਜੀਤ ਸਿੰਘ ਸੈਣੀ, ਬੀ.ਸੀ. ਪ੍ਰਧਾਨ ਮਾਨ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।