ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸੀਪੀਆਈ(ਐੱਮ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਜਨਗਣਨਾ ਦੇ ਕੰਮ ਲਈ 14 ਦਿਨਾਂ ਦੀਆਂ ਡਿਊਟੀਆਂ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਫੈਸਲਾ ਗਰੀਬ ਅਤੇ ਮਿਹਨਤਕਸ਼ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਨਾਲ ਸਿੱਧਾ ਖਿਲਵਾੜ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਗਰੀਬ ਅਤੇ ਮਿਹਨਤਕਸ਼ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ। ਇਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਇੰਨੀ ਕਮਜ਼ੋਰ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਾਧੂ ਪੜ੍ਹਾਈ ਲਈ ਟਿਊਸ਼ਨ ਵੀ ਨਹੀਂ ਦਿਵਾ ਸਕਦੇ। ਅਜਿਹੇ ਵਿੱਚ ਜੇਕਰ ਅਧਿਆਪਕ 14 ਦਿਨ ਸਕੂਲਾਂ ਤੋਂ ਬਾਹਰ ਰਹਿਣਗੇ ਤਾਂ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਉਹ ਪੜ੍ਹਾਈ ਵਿੱਚ ਹੋਰ ਪਿੱਛੇ ਰਹਿ ਜਾਣਗੇ।

ਕਾਮਰੇਡ ਭੱਜਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਦੀਆਂ ਲਗਾਤਾਰ ਗੈਰ-ਵਿਦਿਅਕ ਕੰਮਾਂ ਲਈ ਡਿਊਟੀਆਂ ਲਗਾ ਕੇ ਗਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕਦੇ ਚੋਣਾਂ, ਕਦੇ ਜਨਗਣਨਾ ਅਤੇ ਕਦੇ ਹੋਰ ਸਰਕਾਰੀ ਕੰਮਾਂ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਜਾਂਦੀਆਂ ਹਨ, ਜਿਸ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ਉੱਤੇ ਪੈਂਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਨਗਣਨਾ ਦੇ ਕੰਮ ਲਈ ਕਿਸੇ ਹੋਰ ਵਿਭਾਗ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਅਤੇ ਅਧਿਆਪਕਾਂ ਨੂੰ ਇਸ ਕੰਮ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਅਤੇ ਮਿਹਨਤਕਸ਼ ਲੋਕਾਂ ਦੇ ਬੱਚਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਕਰੇ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਪਹਿਲ ਦਿੱਤੀ ਜਾਵੇ।