ਰਤੀਆ, 15 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਸਿੱਖ ਮਿਸ਼ਨ ਹਰਿਆਣਾ (ਐਸਜੀਪੀਸੀ) ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਗਤਕਾ ਅਕੈਡਮੀ ਵੱਲੋਂ 15 ਰੋਜ਼ਾ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ। ਕੈਂਪ ਵਿੱਚ ਲਗਭਗ 50 ਬੱਚਿਆਂ ਅਤੇ ਨੌਜਵਾਨਾਂ ਨੇ ਗਤਕੇ ਦੀ ਸਿਖਲਾਈ ਲਈ ਅਤੇ ਇਸ ਵਿੱਚ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਐਸਜੀਪੀਸੀ ਮੈਂਬਰ ਬੀਬੀ ਅਮਰਜੀਤ ਕੌਰ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ, ਹਰਿਆਣਾ ਸਿੱਖ ਪੰਥਕ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਅਹਿਰਵਾਂ, ਪ੍ਰਚਾਰਕ ਮਨਿੰਦਰਜੀਤ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਕਾਕਾ ਸਿੰਘ ਲਧੂਵਾਸ, ਗੁਰਮੇਲ ਸਿੰਘ ਸਹਨਾਲ, ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ ਅਤੇ ਸਵਰਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ।

ਸਮਾਗਮ ਦੀ ਸ਼ੁਰੂਆਤ ਵਿੱਚ ਬੱਚਿਆਂ ਨੇ ਗਤਕਾ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ ਦੀ ਹਾਜ਼ਰ ਲੋਕਾਂ ਨੇ ਸ਼ਲਾਘਾ ਕੀਤੀ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਗਤਕਾ ਕਲਾ ਨਾਲ ਜੋੜਨ ਲਈ ਸਿੱਖ ਸੰਸਥਾਵਾਂ ਦੇ ਸਾਂਝੇ ਉਪਰਾਲਿਆਂ ਸਦਕਾ 31 ਅਕਤੂਬਰ ਤੋਂ 14 ਨਵੰਬਰ ਤੱਕ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਵੱਲੋਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵੀ ਵੱਡੇ ਪੱਧਰ ’ਤੇ ਕਰਵਾਈਆਂ ਜਾਂਦੀਆਂ ਹਨ।

ਸਮਾਪਤੀ ਸਮਾਗਮ ਮੌਕੇ ਸਿੱਖ ਮਿਸ਼ਨ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗਤਕਾ ਕੋਚ ਜਸ਼ਨਦੀਪ ਸਿੰਘ, ਕਮਲਜੀਤ ਸਿੰਘ ਅਤੇ ਸਾਗਰ ਸਿੰਘ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਹੋਏ ਐਸਜੀਪੀਸੀ ਮੈਂਬਰਾਂ, ਐਚਐਸਜੀਐਮਸੀ ਮੈਂਬਰਾਂ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਅਤੇ ਸਟਾਫ਼ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਪਤੀ ਸਮਾਗਮ ਦੌਰਾਨ ਸਿੱਖ ਮਿਸ਼ਨ ਹਰਿਆਣਾ (ਐਸਜੀਪੀਸੀ) ਵੱਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਗਤਕਾ ਅਕੈਡਮੀ ਨੂੰ ਸ਼ਸਤਰਾਂ ਦੀ ਕਿੱਟ ਭੇਟ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਕੈਂਪ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਗੁਰਮਤਿ ਨਾਲ ਸਬੰਧਤ ਕੈਂਪ ਲਗਾਉਣ ਲਈ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਹੀ।

ਇਸ ਮੌਕੇ ਗ੍ਰੰਥੀ ਸਭਾ ਦੇ ਪ੍ਰਧਾਨ ਹਾਕਮ ਸਿੰਘ, ਨਰਿੰਦਰ ਸਿੰਘ ਟੋਹਾਣਾ, ਮਨਜੀਤ ਸਿੰਘ ਖਾਲਸਾ, ਬਲਕਾਰ ਸਿੰਘ, ਗਿਆਨੀ ਮਾਨ ਸਿੰਘ, ਮਲਕੀਤ ਸਿੰਘ, ਸਿੰਘ ਅਜਰਾਨਾ ਅਤੇ ਹੋਰ ਪਤਵੰਤੇ ਹਾਜ਼ਰ ਸਨ।