ਨਵਾਂਸ਼ਹਿਰ, 22 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਣਯੋਗ ਮੈਂਬਰ ਸਕੱਤਰ ਤੋਂ ਪ੍ਰਾਪਤ ਹੁਕਮਾਂ ਤਹਿਤ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮੁੱਖ ਮੰਤਵ 'ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ' (ਐਨ.ਆਈ. ਐਕਟ) ਦੀ ਧਾਰਾ 138 ਅਧੀਨ ਆਉਂਦੇ ਚੈੱਕ ਬਾਊਂਸ ਦੇ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਸੀ।
ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਪੱਧਰ ਅਤੇ ਸਬ-ਡਿਵੀਜ਼ਨ ਬਲਾਚੌਰ ਵਿਖੇ ਗਠਿਤ ਕੀਤੇ ਗਏ ਬੈਂਚਾਂ ਵੱਲੋਂ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਮੌਕੇ ’ਤੇ ਹੀ 26 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 79,58,925 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਡਾ. ਅਮਨਦੀਪ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਲੋਕਾਂ ਨੂੰ ਸਸਤਾ, ਸੁਲਭ ਅਤੇ ਤੇਜ਼ ਨਿਆਂ ਮਿਲਦਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਪਏ ਮਾਮਲਿਆਂ ਨੂੰ ਲੋਕ ਅਦਾਲਤਾਂ ਰਾਹੀਂ ਸੁਲਝਾਉਣ ਨੂੰ ਪਹਿਲ ਦੇਣ, ਕਿਉਂਕਿ ਲੋਕ ਅਦਾਲਤ ਵੱਲੋਂ ਪਾਸ ਕੀਤੇ ਗਏ ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਵਿਰੁੱਧ ਅੱਗੇ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ।
