ਸੰਗਰੂਰ, 3 ਸਤੰਬਰ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਘਰੇਲੂ ਬਗੀਚੀ ਵਿੱਚ ਸਰਦੀ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਭਰੂਰ ਵਿਖੇ ਵਿਸ਼ੇਸ਼ ਪਸਾਰ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਪਿੰਡ ਵਿੱਚ ਸਰਦੀ ਰੁੱਤ ਦੀਆਂ ਸਬਜ਼ੀਆਂ ਨਾਲ ਸਬੰਧਤ 30 ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਸਬਜ਼ੀਆਂ ਦੀ ਚੋਣ, ਬਿਜਾਈ ਦੇ ਢੁਕਵੇਂ ਸਮੇਂ, ਖਾਦਾਂ ਦੀ ਸੁਚੱਜੀ ਵਰਤੋਂ, ਸਿੰਚਾਈ ਅਤੇ ਘਰੇਲੂ ਬਗੀਚੀ ਦੀ ਸੰਭਾਲ ਸਬੰਧੀ ਵਿਹਾਰਕ ਅਤੇ ਵਿਗਿਆਨਕ ਜਾਣਕਾਰੀ ਦਿੱਤੀ।
ਡਾ. ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਘਰੇਲੂ ਬਗੀਚੀ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਘਰ ਦੇ ਆਲੇ-ਦੁਆਲੇ ਥੋੜ੍ਹੀ ਜਿਹੀ ਥਾਂ ਦੀ ਸਹੀ ਵਰਤੋਂ ਕਰਕੇ ਪਰਿਵਾਰ ਦੀ ਰੋਜ਼ਾਨਾ ਲੋੜ ਅਨੁਸਾਰ ਕਈ ਕਿਸਮਾਂ ਦੀਆਂ ਤਾਜ਼ੀਆਂ ਸਬਜ਼ੀਆਂ ਆਸਾਨੀ ਨਾਲ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਘਰੇਲੂ ਬਗੀਚੀ ਰਾਹੀਂ ਪਰਿਵਾਰ ਨੂੰ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਪੌਸ਼ਟਿਕ ਸਬਜ਼ੀਆਂ ਲਗਾਤਾਰ ਮਿਲਣ ਦੇ ਨਾਲ-ਨਾਲ ਬਾਜ਼ਾਰ ਤੋਂ ਸਬਜ਼ੀਆਂ ਖਰੀਦਣ ’ਤੇ ਹੋਣ ਵਾਲੇ ਖਰਚੇ ਵਿੱਚ ਵੀ ਕਮੀ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਟਿਊਬਵੈੱਲਾਂ ਨੇੜੇ ਜਾਂ ਹੋਰ ਢੁਕਵੀਆਂ ਥਾਵਾਂ ’ਤੇ ਵੀ ਘਰੇਲੂ ਲੋੜ ਅਨੁਸਾਰ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ।
ਡਾ. ਗਰਗ ਨੇ ਦੱਸਿਆ ਕਿ ਸਤੰਬਰ ਮਹੀਨਾ ਸਰਦੀ ਰੁੱਤ ਦੀਆਂ ਕਈ ਮਹੱਤਵਪੂਰਨ ਸਬਜ਼ੀਆਂ ਦੀ ਬਿਜਾਈ ਲਈ ਢੁਕਵਾਂ ਸਮਾਂ ਹੈ। ਉਨ੍ਹਾਂ ਕਿਸਾਨਾਂ ਨੂੰ ਬਰੋਕਲੀ, ਮਟਰ, ਮੂਲੀ, ਗਾਜਰ, ਸ਼ਲਗਮ ਅਤੇ ਵੱਖ-ਵੱਖ ਪੱਤੇਦਾਰ ਸਬਜ਼ੀਆਂ ਦੀ ਸਮੇਂ ਸਿਰ ਬਿਜਾਈ ਕਰਨ ਦੀ ਸਲਾਹ ਦਿੱਤੀ, ਤਾਂ ਜੋ ਵਧੀਆ ਪੈਦਾਵਾਰ ਲਈ ਅਨੁਕੂਲ ਹਾਲਾਤ ਪੈਦਾ ਕੀਤੇ ਜਾ ਸਕਣ।
ਇਸ ਮੌਕੇ ਝੋਨੇ ਵਿੱਚ ਸੰਤੁਲਿਤ ਖੁਰਾਕੀ ਤੱਤਾਂ ਦੇ ਪ੍ਰਬੰਧਨ ਅਤੇ ਫੋਕ ਘਟਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਫੋਕ ਘਟਾਉਣ ਅਤੇ ਦਾਣਿਆਂ ਦੇ ਭਰਨ ਨੂੰ ਸੁਧਾਰਨ ਲਈ ਗੋਭ ਦੇ ਪੜਾਅ ’ਤੇ 1.5 ਫੀਸਦੀ ਪੋਟਾਸ਼ੀਅਮ ਨਾਈਟ੍ਰੇਟ (13:0:45) ਦਾ ਪੱਤਿਆਂ ’ਤੇ ਛਿੜਕਾਅ ਕਰਨ ਦੀ ਸਿਫਾਰਸ਼ ਹੈ। ਇਸ ਲਈ 3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।

**ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
ਇਸ ਮੌਕੇ ਡਾ. ਗਰਗ ਨੇ ਕਿਸਾਨਾਂ ਨੂੰ ਸਤੰਬਰ 2026 ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਸੁਧਰੀਆਂ ਕਿਸਮਾਂ, ਖੇਤੀ ਮਸ਼ੀਨਰੀ ਅਤੇ ਯੂਨੀਵਰਸਿਟੀ ਦੀਆਂ ਨਵੀਨਤਮ ਸਿਫਾਰਸ਼ਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਵਿਗਿਆਨਕ ਖੇਤੀ ਦੇ ਨਾਲ-ਨਾਲ ਘਰੇਲੂ ਪੱਧਰ ’ਤੇ ਸਬਜ਼ੀਆਂ ਦੀ ਕਾਸ਼ਤ ਪਰਿਵਾਰਕ ਆਮਦਨ, ਪੋਸ਼ਣ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਨੂੰ ਅਪਣਾਉਂਦਿਆਂ ਖੇਤੀ ਵਿੱਚ ਨਵੀਆਂ ਅਤੇ ਵਿਗਿਆਨਕ ਤਕਨੀਕਾਂ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ।
ਪ੍ਰਦਰਸ਼ਨੀਆਂ ਦੇ ਸਫ਼ਲ ਆਯੋਜਨ ਵਿੱਚ ਪਿੰਡ ਦੇ ਸ. ਬਲਵਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ (ਸਰਪੰਚ), ਸ. ਕਰਨੈਲ ਸਿੰਘ (ਨੰਬਰਦਾਰ) ਅਤੇ ਸ. ਗੁਰਦੀਪ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਅੰਤ ਵਿੱਚ ਟੀਮ ਵੱਲੋਂ ਸ. ਗੁਰਦੀਪ ਸਿੰਘ ਦੀ ਘਰੇਲੂ ਬਗੀਚੀ ਅਤੇ ਸ. ਬਲਵਿੰਦਰ ਸਿੰਘ ਦੀ ਸਾਉਣੀ ਰੁੱਤ ਦੀ ਮੱਕੀ ਦੀ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਗਿਆ।