ਹੁਸ਼ਿਆਰਪੁਰ (ਦਲਜੀਤ ਅਜਨੋਹਾ):- “ਮੇਰਾ ਉਦੇਸ਼ ਹੈ ਕਿ ਮੇਰੇ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਲੋੜ ਅਨੁਸਾਰ ਮਜ਼ਬੂਤ ਕੀਤਾ ਜਾਵੇ ਅਤੇ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਜਾਂ ਨੇੜੇ ਹੀ ਉਪਲਬਧ ਕਰਵਾਈਆਂ ਜਾ ਸਕਣ,” ਇਹ ਵਿਚਾਰ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਰਾਮਪੁਰ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹ ਪਿੰਡ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਰਾਮਪੁਰ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਰਾਮਪੁਰ ਦੇ ਰਿਹਾਇਸ਼ੀ ਖੇਤਰ ਤੋਂ ਚੋਅ ਵੱਲ ਜਾਣ ਵਾਲੀ 22 ਫੁੱਟ ਲੰਬੀ ਸੜਕ ਦਾ ਨਿਰਮਾਣ 7 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉੱਚ ਗੁਣਵੱਤਾ ਦੇ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਰਾਮਪੁਰ ਵਿੱਚ ਕਰੀਬ 5.9 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਸੜਕਾਂ, ਸਿੰਚਾਈ, ਸਿਹਤ ਸਹੂਲਤਾਂ, ਡਰੇਨੇਜ, ਗਲੀਆਂ, ਸਟਰੀਟ ਲਾਈਟਾਂ, ਖੇਡ ਸਹੂਲਤਾਂ ਅਤੇ ਕਮਿਊਨਿਟੀ ਸਹੂਲਤਾਂ ਨਾਲ ਸਬੰਧਤ ਕੰਮ ਸ਼ਾਮਲ ਹਨ।

ਪਿੰਡ ਵਾਸੀਆਂ ਨੇ ਰਾਮਪੁਰ ਤੋਂ ਫਤਿਹਪੁਰ, ਕਾਂਗੜ ਕੋਠੀ ਅਤੇ ਗੰਗੋਵਾਲ ਰਾਹੀਂ ਜਾਣ ਵਾਲੀ ਮਹਿਲਪੁਰ–ਜੈਜੋਂ ਸੜਕ ਦੀ ਚੌੜਾਈ 3.05 ਮੀਟਰ ਤੋਂ ਵਧਾ ਕੇ 5.50 ਮੀਟਰ ਕਰਨ ਲਈ ਡਾ. ਈਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ 422.87 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਮਪੁਰ ਕੋਠੀ ਤੋਂ ਮੇਹਮਦੋਵਾਲ ਤੱਕ 1.40 ਕਿਲੋਮੀਟਰ ਸੜਕ ਦਾ ਨਿਰਮਾਣ 4.70 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਣਾ ਹੈ, ਜਿਸ ਦਾ ਕੰਮ ਜਲਦ ਸ਼ੁਰੂ ਹੋਵੇਗਾ।

ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਮਪੁਰ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਵੀ ਜਲਦ ਬਣਾਇਆ ਜਾ ਰਿਹਾ ਹੈ, ਜਿਸ ਲਈ ਗ੍ਰਾਂਟ ਪ੍ਰਾਪਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਟਿਊਬਵੈੱਲ ਪਹਿਲਾਂ ਹੀ ਸਥਾਪਿਤ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਹੂਲਤ ਮਿਲੀ ਹੈ।

ਹੋਰ ਵਿਕਾਸ ਕਾਰਜਾਂ ਤਹਿਤ ਧਰਮਸ਼ਾਲਾ/ਕਮਿਊਨਿਟੀ ਸੈਂਟਰ ਲਈ 3 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 20 ਸਟਰੀਟ ਲਾਈਟਾਂ ’ਤੇ 2.94 ਲੱਖ ਰੁਪਏ ਅਤੇ ਜਿਮ ਰੂਮ ’ਤੇ 5 ਲੱਖ ਰੁਪਏ ਦੀ ਲਾਗਤ ਨਾਲ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਡਰੇਨੇਜ ਲਈ 11 ਲੱਖ ਰੁਪਏ ਦੀ ਰਕਮ ਰੱਖੀ ਗਈ ਹੈ, ਜਦਕਿ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 2 ਲੱਖ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ। ਇਸ ਤੋਂ ਇਲਾਵਾ ਖੇਡ ਮੈਦਾਨ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਰਕਮ ਜਲਦ ਜਾਰੀ ਕਰ ਦਿੱਤੀ ਜਾਵੇਗੀ।

ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਵਿਕਾਸ ਹਮੇਸ਼ਾ ਉਨ੍ਹਾਂ ਦੀ ਤਰਜੀਹ ਵਿੱਚ ਰਹਿੰਦਾ ਹੈ ਅਤੇ ਉਹ ਚੱਬੇਵਾਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।