ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ:- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਦੁਸਹਿਰਾ ਗਰਾਉਂਡ, ਸੈਕਟਰ 79, ਮੋਹਾਲੀ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਚਮਕ ਰਹੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਰੂਹਾਨੀ ਅਨੰਦ ਨਾਲ ਭਰ ਦਿੱਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਐੱਸ ਏ ਐੱਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਇੰਜ. ਪ੍ਰਭਜੋਤ ਕੌਰ, ਏ ਡੀ ਸੀ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ, ਡੀ ਐਸ ਪੀ ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ।

ਵਿਧਾਇਕ ਮੋਹਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।

ਸਮਾਗਮ ਦੌਰਾਨ ਭਾਈ ਜਸਪਾਲ ਸਿੰਘ ਜੀ (ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ) ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਤਹਿਸੀਲਦਾਰ ਮੋਹਾਲੀ ਗੁਰਪ੍ਰੀਤ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਬ ਰਜਿਸਟਰਾਰ ਹਰਸ਼ ਗਰਗ ਅਤੇ ਹਰਮਨਜੋਤ ਚੀਮਾ ਤੇ ਵੱਡੀ ਗਿਣਤੀ ਵਿੱਚ ਸੰਗਤ ਵੀ ਮੌਜੂਦ ਸੀ।