ਬਲਾਚੌਰ, 22 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਤਹਿਤ 1,834 ਸ਼ਹਿਰੀ ਅਤੇ 4,620 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਬਲਾਚੌਰ ਵਿੱਚ 1,834 ਸ਼ਹਿਰੀ ਅਤੇ 4,620 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੁਹਿੰਮ ਲਈ 3,080 ਸ਼ਹਿਰੀ ਅਤੇ 9,385 ਪੇਂਡੂ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਸਿਹਤ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਸਿਹਤ ਵਿਭਾਗ ਵੱਲੋਂ ਬਲਾਕ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੇ ਪੱਧਰ ’ਤੇ ਚਲਾਉਣ ਲਈ ਠੋਸ ਉਪਰਾਲੇ ਕੀਤੇ ਗਏ ਹਨ। ਇਸ ਤਹਿਤ ਪੇਂਡੂ ਖੇਤਰ ਵਿੱਚ 125 ਟੀਮਾਂ, ਸ਼ਹਿਰੀ ਖੇਤਰ ਵਿੱਚ 26 ਟੀਮਾਂ ਅਤੇ ਟਰਾਂਜਿਟ ਬੂਥਾਂ ’ਤੇ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੱਤ ਮੋਬਾਈਲ ਟੀਮਾਂ ਵੀ ਲਾਈਆਂ ਗਈਆਂ ਹਨ।
ਨੋਡਲ ਅਫ਼ਸਰ ਡਾ. ਸੰਦੀਪ ਗਿੱਲ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਮਾਰਚ 2014 ਵਿੱਚ ਪੋਲੀਓ ਮੁਕਤ ਦੇਸ਼ ਐਲਾਨਿਆ ਗਿਆ ਸੀ ਅਤੇ ਉਦੋਂ ਤੋਂ ਹੁਣ ਤੱਕ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਪਰ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਵਾਇਰਸ ਦਾ ਸੰਚਾਰ ਜਾਰੀ ਹੈ, ਜਿਸ ਕਰਕੇ ਭਾਰਤ ’ਤੇ ਇਸ ਬਿਮਾਰੀ ਦਾ ਖਤਰਾ ਬਰਕਰਾਰ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਦਵਾਈ ਦੀਆਂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 23 ਅਤੇ 24 ਨਵੰਬਰ ਨੂੰ ਕਵਰ ਕੀਤਾ ਜਾਵੇਗਾ।
