ਐਸ.ਏ.ਐਸ. ਨਗਰ (ਮੋਹਾਲੀ), 19 ਨਵੰਬਰ 2026:- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ, ਇਲਾਕਿਆਂ ਅਤੇ ਜਥੇਬੰਦੀਆਂ ਵੱਲੋਂ ਇੱਕੋ ਆਵਾਜ਼ ਵਿੱਚ ਸ. ਬਰਸਟ ਨੂੰ ਸਮਾਣਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਉਣ ਲਈ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ।
ਇਸ ਸਬੰਧੀ 80 ਫੀਸਦੀ ਗ੍ਰਾਮ ਪੰਚਾਇਤਾਂ ਨੇ ਸ. ਹਰਚੰਦ ਸਿੰਘ ਬਰਸਟ ਦੇ ਹੱਕ ਵਿੱਚ ਹੁੰਗਾਰਾ ਭਰਿਆ ਹੈ। ਸਮਾਣਾ ਦੀਆਂ 152 ਗ੍ਰਾਮ ਪੰਚਾਇਤਾਂ ਵਿੱਚੋਂ 123 ਗ੍ਰਾਮ ਪੰਚਾਇਤਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਆਪ ਉਮੀਦਵਾਰ ਐਲਾਨਣ ਲਈ ਮਤੇ ਪਾਸ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਸਮਾਣਾ ਬਾਰ ਐਸੋਸੀਏਸ਼ਨ, ਕਿਸਾਨ ਯੂਨੀਅਨਾਂ, ਆੜ੍ਹਤੀ ਐਸੋਸੀਏਸ਼ਨਾਂ, ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਸਮੇਤ ਸਮਾਜਿਕ ਸੰਸਥਾਵਾਂ, ਟਰੇਡ ਯੂਨੀਅਨਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਵੀ ਪੱਤਰ ਰਾਹੀਂ ਸ. ਹਰਚੰਦ ਸਿੰਘ ਬਰਸਟ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਟੀਮ ਹਲਕਾ ਸਮਾਣਾ ਦੇ ਸਾਰੇ ਬਲਾਕ ਪ੍ਰਧਾਨਾਂ, ਸਮਾਣਾ ਦੇ 22 ਵਿੱਚੋਂ 22 ਬਲਾਕ ਪ੍ਰਧਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਜਥੇਬੰਦੀਆਂ ਵਿੱਚੋਂ 90 ਫੀਸਦੀ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਗਈ ਹੈ।
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ. ਹਰਚੰਦ ਸਿੰਘ ਬਰਸਟ ਸਾਲ 2016 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਰ ਸਮੇਂ ਪਾਰਟੀ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਉਹ ਪਾਰਟੀ ਦੇ ਸੂਬਾ ਜਨਰਲ ਸਕੱਤਰ, ਬੁਲਾਰੇ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ।
ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸ. ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸਮਾਣਾ ਵਿੱਚ ਵੀ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਹਲਕਾ ਸਮਾਣਾ ਦੀਆਂ ਮੰਡੀਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਾਲ ਹੀ ਵਿੱਚ ਸਬਜ਼ੀ ਮੰਡੀ, ਸਮਾਣਾ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਮੰਡੀ ਦੀਆਂ ਅੰਦਰੂਨੀ ਸੜਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮਾਣਾ ਮੰਡੀ ਵਿਖੇ ਰੂਫਟਾਪ ਸੋਲਰ ਪਾਵਰ ਪਲਾਂਟ ਲਗਾਉਣ ਦਾ ਪ੍ਰੋਜੈਕਟ ਵੀ ਚੱਲ ਰਿਹਾ ਹੈ।
ਸ. ਹਰਚੰਦ ਸਿੰਘ ਬਰਸਟ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਤੱਕ ਆਪਣੀ ਗੱਲ ਪਹੁੰਚਾਉਣਾ ਆਸਾਨ ਹੈ। ਲੋਕ ਕਿਸੇ ਵੀ ਕੰਮ, ਸਮੱਸਿਆ ਜਾਂ ਮੁੱਦੇ ਸਬੰਧੀ ਸ. ਬਰਸਟ ਨੂੰ ਮਿਲ ਸਕਦੇ ਹਨ ਅਤੇ ਉਹ ਤੁਰੰਤ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਦੀ ਇਹ ਲੋਕਪੱਖੀ ਕਾਰਜਸ਼ੈਲੀ ਹੀ ਉਨ੍ਹਾਂ ਨੂੰ ਲੋਕਾਂ ਵਿੱਚ ਹਰਮਨਪਿਆਰਾ ਬਣਾਉਂਦੀ ਹੈ।
ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਆਧੁਨਿਕ ਬਣਾਉਣ ਲਈ ਸ. ਬਰਸਟ ਦੀ ਅਗਵਾਈ ਹੇਠ ਕੀਤੀਆਂ ਗਈਆਂ ਪਹਿਲਕਦਮੀਆਂ ਸਦਕਾ ਪੰਜਾਬ ਮੰਡੀ ਬੋਰਡ ਨੂੰ ਚੀਨ ਵਿਖੇ ਵਰਲਡ ਯੂਨੀਅਨ ਆਫ ਹੋਲਸੇਲ ਮਾਰਕਿਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਮਿਲਿਆ ਹੈ। ਇਹ ਪੰਜਾਬ ਅਤੇ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਲਈ ਇਤਿਹਾਸਕ ਪ੍ਰਾਪਤੀ ਹੈ। ਵਰਲਡ ਯੂਨੀਅਨ ਆਫ ਹੋਲਸੇਲ ਮਾਰਕਿਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਮੰਡੀ ਬੋਰਡ ਨੂੰ ਇਹ ਅੰਤਰਰਾਸ਼ਟਰੀ ਸਨਮਾਨ ਮਿਲਣਾ ਪੰਜਾਬ ਅਤੇ ਭਾਰਤ ਲਈ ਮਾਣ ਵਾਲੀ ਗੱਲ ਹੈ।
ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜੇਕਰ ਪਾਰਟੀ ਸ. ਬਰਸਟ ਨੂੰ ਮੌਕਾ ਦਿੰਦੀ ਹੈ ਤਾਂ ਸਮੂਹ ਜਥੇਬੰਦੀਆਂ ਅਤੇ ਹਲਕੇ ਦੇ ਲੋਕ ਇਕਜੁੱਟ ਹੋ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ।
