ਚੰਡੀਗੜ੍ਹ:- ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਮੌਜੂਦਾ ਕੌਂਸਲਰ ਪ੍ਰੇਮਲਤਾ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ ਹੈ।
ਸੈਕਟਰ-35 ਸਥਿਤ ਰਾਜੀਵ ਗਾਂਧੀ ਭਵਨ ਵਿੱਚ ਹੋਏ ਇੱਕ ਸਮਾਗਮ ਦੌਰਾਨ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਚੰਦਰਮੋਹਨ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਪ੍ਰੇਮਲਤਾ ਦੇ ਨਾਲ-ਨਾਲ ‘ਆਪ’ ਦੇ ਮਰਹੂਮ ਆਗੂ ਪ੍ਰਦੀਪ ਛਾਬੜਾ ਦੀ ਪਤਨੀ ਰਿਤੂ ਛਾਬੜਾ ਨੇ ਵੀ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ।
ਇਸ ਤੋਂ ਇਲਾਵਾ ਹਰਜਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਕੁੱਕੀ ਅਤੇ ਯੇਂਕੀ ਕਾਲੀਆ ਵਰਗੇ ਕਈ ਹੋਰ ਆਗੂਆਂ ਨੇ ਵੀ ਕਾਂਗਰਸ ਦੀ ਮੈਂਬਰਸ਼ਿਪ ਹਾਸਲ ਕੀਤੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ 2026 ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਸਰਗਰਮ ਆਗੂਆਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪਾਰਟੀ ਨੂੰ ਵਾਰਡ ਪੱਧਰ ’ਤੇ ਮਜ਼ਬੂਤ ਕਰੇਗਾ।