ਸੰਗਰੂਰ, 25 ਜੁਲਾਈ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਗੱਗੜਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ 'ਤੇ ਅਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਵੇਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਨੇੜਿਓਂ ਜਾਣਿਆ।
ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦਿਆਂ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਉਤਨਾ ਹੀ ਪ੍ਰਸੰਗਿਕ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।