ਹੁਸ਼ਿਆਰਪੁਰ:- ਪਿਛਲੇ ਕਈ ਦਿਨਾਂ ਤੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਏ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਜਿਥੇ ਲੋਕਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਉਥੇ ਹੀ ਗੜ੍ਹਸ਼ੰਕਰ ਹਲਕੇ ਨੂੰ ਪ੍ਰਸਤਾਵਿਤ ਨਵੇਂ ਬਣਾਏ ਜਾ ਰਹੇ ਜ਼ਿਲ੍ਹਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਦਾ ਗੜ੍ਹਸ਼ੰਕਰ ਹਲਕੇ ਦੇ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। 
ਇਸ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ, ਵਪਾਰ ਮੰਡਲ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਉਪ ਮੰਡਲ ਨੂੰ ਨਵੇਂ ਪ੍ਰਸਤਾਵਿਤ ਜ਼ਿਲ੍ਹਾ ਸ਼੍ਰੀ ਅਨੰਦਪੁਰ ਸਾਹਿਬ ਵਿਚ ਨਾ ਸ਼ਾਮਲ ਕੀਤਾ ਜਾਵੇ। 
ਉਨ੍ਹਾਂ ਕਿਹਾ ਕਿ ਉਪ ਮੰਡਲ ਗੜ੍ਹਸ਼ੰਕਰ ਇਤਿਹਾਸਕ, ਪ੍ਰਸ਼ਾਸਕੀ ਅਤੇ ਆਰਥਿਕ ਤੌਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਅਟੁੱਟ ਅੰਗ ਹੈ। ਇਸ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਗੜ੍ਹਸ਼ੰਕਰ ਹਲਕੇ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਹੀ ਰਹਿਣ ਦਿੱਤਾ ਜਾਵੇ।
ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਪਾਰ ਮੰਡਲ ਗੜ੍ਹਸ਼ੰਕਰ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।