ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲੈਂਦਿਆਂ ਸੀਨੀਅਰ ਆਗੂ ਅਤੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਹਲਕਾ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਹਲਕੇ ਭਰ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਸਰਪੰਚ ਜਸਵੀਰ ਸਿੰਘ ਘੁੰਮਣ ਦੀ ਨਿਯੁਕਤੀ ਨੂੰ ਹਲਕਾ ਬਲਾਚੌਰ ਵਿੱਚ ਪਾਰਟੀ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਸਰਪੰਚ ਜਸਵੀਰ ਸਿੰਘ ਘੁੰਮਣ ਜ਼ਮੀਨ ਨਾਲ ਜੁੜੇ ਹੋਏ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਵਾਲੇ ਆਗੂ ਹਨ। ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ, ਸਾਫ਼ ਨੀਅਤ ਅਤੇ ਸਹੀ ਵਿਕਾਸ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕੀਤਾ ਹੈ। ਵਰਕਰਾਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਇਸ ਨਵੀਂ ਜ਼ਿੰਮੇਵਾਰੀ ਨਾਲ ਹਲਕੇ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਪਾਰਟੀ ਆਗੂਆਂ ਨੇ ਕਿਹਾ ਕਿ ਹਲਕਾ ਸੰਗਠਨ ਇੰਚਾਰਜ ਵਜੋਂ ਸਰਪੰਚ ਜਸਵੀਰ ਸਿੰਘ ਘੁੰਮਣ ਬਲਾਚੌਰ ਹਲਕੇ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਗੇ, ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਨਵੀਂ ਊਰਜਾ ਆਈ ਹੈ।

ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਨੌਜਵਾਨ ਆਪ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਅਤੇ ਜ਼ਿਲ੍ਹਾ ਐਸਬੀਐਸ ਨਗਰ ਦੀ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਜ਼ਬੂਤ ਪੰਜਾਬ ਦੀ ਸਾਂਝੀ ਸੋਚ ਨੂੰ ਅੱਗੇ ਵਧਾਉਣ ਲਈ ਉਹ ਸਾਰੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।