ਚੰਡੀਗੜ੍ਹ, 9 ਮਾਰਚ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੀ ਆਪ ਸਰਕਾਰ 'ਤੇ ਚੋਣਵੀਂ- ਰੇਵੜੀ ਵੰਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉੱਥੋਂ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਨੇ ਸੱਤਾ ਤਬਦੀਲੀ ਦਾ ਮਨ ਬਣਾ ਲਿਆ ਹੈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜ਼ਦ ਸਨ।
ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਪੰਜਾਬ ਦੀ ਆਪ ਸਰਕਾਰ ਵੱਲੋਂ ਬਜਟ ਵਿੱਚ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਹੋਰ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਦੇ ਸਵਾਲ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਨੇੜੇ ਦੇਖ ਕੇ ਆਪ ਸਰਕਾਰ ਰੇਵੜੀਆਂ ਵੰਡ ਰਹੀ ਹੈ, ਪਰ ਇਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਜਨਤਾ ਸੱਤਾ ਤਬਦੀਲੀ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚਾਹੇ ਪਹਿਲਾਂ ਕਾਂਗਰਸ ਦੀ ਸਰਕਾਰ ਰਹੀ ਹੋਵੇ ਜਾਂ ਮੌਜੂਦਾ ਆਪ ਪਾਰਟੀ ਦੀ ਸਰਕਾਰ, ਇਨ੍ਹਾਂ ਦਾ ਇਤਿਹਾਸ ਚੋਣਾਂ ਵੇਲੇ ਜੁਮਲੇ ਛੱਡਣ ਅਤੇ ਰੇਵੜੀਆਂ ਵੰਡਣ ਦਾ ਰਿਹਾ ਹੈ।
ਸ੍ਰੀ ਸੈਣੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੀ ਚੋਣਾਂ ਸਮੇਂ ਲੋਕ-ਲੁਭਾਉਣੇ ਐਲਾਨ ਕਰਦੇ ਸਨ, ਜਿਹਾ ਹਾਲ ਉਨ੍ਹਾਂ ਦਾ ਹੋਇਆ ਹੈ, ਉਹੀ ਹਾਲ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਦਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਤਾਂ ਉਹ ਦੱਸਦੇ ਹਨ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਣਾਈ ਗਈ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦੇਣ ਵਿੱਚ ਪੰਜਾਬ ਦੀ ਆਪ ਸਰਕਾਰ ਅੜਿੱਕੇ ਡਾਹ ਰਹੀ ਹੈ। ਪਾਤਰ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲ ਪਾ ਰਿਹਾ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ 'ਤੇ ਪਿਛਲੇ ਦਿਨੀਂ ਉਨ੍ਹਾਂ ਦੇ ਪੰਜਾਬ ਰਾਜ ਦੇ ਦੌਰੇ ਦੌਰਾਨ ਹੋਏ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹਰਿਆਣਾ ਆਉਣ 'ਤੇ ਉਨ੍ਹਾਂ ਦੇ ਮੁੱਖ ਮੰਤਰੀ ਦੇ ਪ੍ਰੋਟੋਕੋਲ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਪੂਰਾ ਆਦਰ-ਸਨਮਾਨ ਦਿੱਤਾ ਜਾਂਦਾ ਹੈ।
ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਬਰਸਾ ਕੇ ਮਹਿਲਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਦਕਿ ਹਰਿਆਣਾ ਸਰਕਾਰ ਨੇ ਸਿਰਸਾ ਵਿੱਚ ਰਾਜ ਪੱਧਰੀ ਸਮਾਗਮ ਕਰਕੇ ਉਨ੍ਹਾਂ ਨੂੰ ਵੱਖ-ਵੱਖ ਯੋਜਨਾਵਾਂ ਦੀ ਕਰੋੜਾਂ ਰੁਪਏ ਦੀ ਰਕਮ ਡੀ.ਬੀ.ਟੀ. (DBT) ਰਾਹੀਂ ਭੇਜ ਕੇ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦਾ ਕੰਮ ਕੀਤਾ।
ਬਜ਼ੁਰਗਾਂ ਦੀ ਪੈਨਸ਼ਨ ਦੇ ਮਾਮਲੇ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਵਿੱਚ ਬਜ਼ੁਰਗਾਂ ਦੀ ਆਮਦਨ ਦੀ ਸੀਮਾ 60 ਹਜ਼ਾਰ ਰੁਪਏ ਨਿਰਧਾਰਿਤ ਕਰਕੇ ਗਰੀਬ ਬਜ਼ੁਰਗਾਂ ਦਾ ਅਪਮਾਨ ਕਰਕੇ ਉਨ੍ਹਾਂ ਨੂੰ ਇਸ ਸਨਮਾਨ ਭੱਤੇ ਤੋਂ ਵਾਂਝੇ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਹਰਿਆਣਾ ਵਿੱਚ ਇਹ ਆਮਦਨ ਸੀਮਾ 3 ਲੱਖ ਰੁਪਏ ਹੈ ਤਾਂ ਜੋ ਵੱਧ ਤੋਂ ਵੱਧ ਬਜ਼ੁਰਗ ਇਸ ਬੁਢਾਪਾ ਸਨਮਾਨ ਭੱਤੇ ਦਾ ਲਾਭ ਚੁੱਕ ਸਕਣ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਹਟਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਵਾਂਗ ਪੰਜਾਬ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਨੰਬਰ ਇਕ ਸੂਬਾ ਬਣਾਵਾਂਗੇ।
ਉਨ੍ਹਾਂ ਟੀ-20 ਵਰਲਡ ਕੱਪ ਵਿੱਚ ਭਾਰਤ ਦੀ ਜਿੱਤ 'ਤੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸ੍ਰੀ ਸੈਣੀ ਨੇ ਪੱਛਮੀ ਬੰਗਾਲ ਦੌਰੇ ਦੌਰਾਨ ਉੱਥੋਂ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦਾ ਸਨਮਾਨ ਨਾ ਕਰਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਦੇਸ਼ ਦੇ ਸਰਵਉੱਚ ਅਹੁਦੇ 'ਤੇ ਬਿਰਾਜਮਾਨ ਹਨ, ਸਾਰਿਆਂ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।
ਆਪ ਅਤੇ ਕਾਂਗਰਸ ਦਾ ਚੋਣਵੀਂ ਰੇਵੜੀ ਵੰਡਣ ਦਾ ਸੱਭਿਆਚਾਰ ਰਿਹਾ ਹੈ ਨਾਇਬ ਸਿੰਘ ਸੈਣੀ
