ਅੰਮ੍ਰਿਤਸਰ:- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਰਾਮਤੀਰਥ ਰੋਡ ’ਤੇ ਇੱਕ ਕਾਰਵਾਈ ਦੌਰਾਨ ਪੁਲੀਸ ਪਾਰਟੀ ਨਾਲ ਹੋਏ ਮੁਕਾਬਲੇ ਵਿੱਚ ਭਗੌੜੇ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਵਾਸੀ ਕਾਦੀਆਂ, ਨੂੰ ਜ਼ਖ਼ਮੀ ਹੋਣ ਮਗਰੋਂ ਕਾਬੂ ਕਰ ਲਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਅੱਜ ਜਦੋਂ ਪੁਲੀਸ ਪਾਰਟੀ ਨੇ ਉਕਤ ਮੁਲਜ਼ਮ ਨੂੰ ਰੋਕਣ ਲਈ ਇਸ਼ਾਰਾ ਕੀਤਾ ਤਾਂ ਉਸ ਨੇ ਰੁਕਣ ਦੀ ਬਜਾਏ ਪੁਲੀਸ ਪਾਰਟੀ ’ਤੇ ਫ਼ਾਇਰਿੰਗ ਕਰ ਦਿੱਤੀ। ਪੁਲੀਸ ਵੱਲੋਂ ਉਸ ਨੂੰ ਆਤਮ-ਸਮਰਪਣ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਸੀ, ਪਰ ਉਸ ਵੱਲੋਂ ਪੁਲੀਸ ਪਾਰਟੀ ’ਤੇ ਗੋਲੀ ਚਲਾਉਣ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਸਵੈ-ਰੱਖਿਆ ਵਿੱਚ ਜਵਾਬੀ ਫ਼ਾਇਰਿੰਗ ਕੀਤੀ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ ਇੱਕ ਪਿਸਤੌਲ (.30 ਬੋਰ), ਦੋ ਚੱਲੇ ਹੋਏ ਕਾਰਤੂਸ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਸਕੂਟਰ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਸੱਤ ਅਪਰਾਧਿਕ ਮੁਕੱਦਮੇ ਦਰਜ ਹਨ ਅਤੇ ਉਹ ਇੱਕ ਮੁਕੱਦਮੇ ਵਿੱਚ ਲੋੜੀਂਦਾ ਵੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਕਾਸ਼ ਨੇ ਆਪਣੇ ਚਾਰ ਹੋਰ ਸਾਥੀਆਂ ਨਾਲ ਮਿਲ ਕੇ ਬਟਾਲਾ ਵਿਖੇ ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ’ਤੇ ਕਰੀਬ ਢਾਈ ਲੱਖ ਰੁਪਏ ਦੀ ਲੁੱਟ ਕੀਤੀ ਸੀ। ਇਸ ਵਾਰਦਾਤ ਵਿੱਚ ਸ਼ਾਮਲ ਉਸ ਦੇ ਚਾਰ ਹੋਰ ਸਾਥੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਤੇ ਉਸ ਦੇ ਸਾਥੀ ਅਪਰਾਧੀ ਅੰਗਰੇਜ਼ ਸਿੰਘ ਉਰਫ਼ ਛੋਟੂ ਨੂੰ ਪੁਲੀਸ ਹਿਰਾਸਤ ਵਿੱਚੋਂ ਛੁਡਵਾਉਣ ਦੀ ਯੋਜਨਾ ਬਣਾ ਰਹੇ ਸਨ। ਛੋਟੂ ਵਿਰੁੱਧ ਕਰੀਬ 15 ਮੁਕੱਦਮੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।
