ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ 2026:- 2016 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਅਦਿੱਤਿਆ ਡਚਲਵਾਲ ਨੇ ਕਿਹਾ ਕਿ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ 'ਤੇ ਪਹੁੰਚਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਰਲ ਤਰੀਕੇ ਨਾਲ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ 'ਗਾਰਡ ਆਫ਼ ਆਨਰ' ਦਿੱਤਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ, ਐੱਸ.ਡੀ.ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ ਅਤੇ ਐੱਸ.ਪੀ. ਮੋਹਾਲੀ ਨਵਰੀਤ ਸਿੰਘ ਵਿਰਕ ਨਾਲ ਸੰਖੇਪ ਮੀਟਿੰਗ ਵੀ ਕੀਤੀ ਗਈ।