ਚੰਡੀਗੜ੍ਹ, 16 ਨਵੰਬਰ (ਹਰਮਿੰਦਰ ਨਾਗਪਾਲ):- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਾਰੰਗਪੁਰ, ਧਨਾਸ, ਖੁੱਡਾ ਲਾਹੌਰਾ ਅਤੇ ਖੁੱਡਾ ਜੱਸੂ ਦੇ ਵਸਨੀਕਾਂ ਲਈ ਸਮਾਧਾਨ ਕੈਂਪ ਲਗਾਇਆ। ਇਸ ਕੈਂਪ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਿੱਧੇ ਪ੍ਰਸ਼ਾਸਕ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਕੈਂਪ ਦਾ ਮੁੱਖ ਉਦੇਸ਼ ਨਾਗਰਿਕ ਸਹੂਲਤਾਂ, ਜਨਤਕ ਸੇਵਾਵਾਂ ਅਤੇ ਸਥਾਨਕ ਵਿਕਾਸ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਨਾ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਸੀ।

ਇਸ ਮੌਕੇ ਮੇਅਰ ਸ੍ਰੀ ਸੌਰਭ ਜੋਸ਼ੀ, ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸ਼ਾਸਕੀ ਸਕੱਤਰ, ਵਿਭਾਗਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਕੈਂਪ ਦੌਰਾਨ ਪ੍ਰਸ਼ਾਸਕ ਨੇ ਨਿੱਜੀ ਤੌਰ ’ਤੇ ਕੁੱਲ 54 ਸ਼ਿਕਾਇਤਾਂ ਸੁਣੀਆਂ। ਵਸਨੀਕਾਂ ਨੇ ਨਾਗਰਿਕ ਸਹੂਲਤਾਂ ਅਤੇ ਬੁਨਿਆਦੀ ਸੇਵਾਵਾਂ, ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ, ਪਾਰਕਿੰਗ ਅਤੇ ਟ੍ਰੈਫਿਕ ਜਾਮ, ਰਿਹਾਇਸ਼ ਅਤੇ ਈਡਬਲਿਊਐਸ ਫਲੈਟਾਂ ਦੀ ਸਾਂਭ-ਸੰਭਾਲ, ਸਿਹਤ ਸੇਵਾਵਾਂ ਅਤੇ ਸਿੱਖਿਆ, ਕਮਿਊਨਿਟੀ ਸੈਂਟਰਾਂ, ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਮਾਮਲਿਆਂ, ਕੈਬ ਚਾਲਕਾਂ ਦੀਆਂ ਸਮੱਸਿਆਵਾਂ ਅਤੇ ਹੋਰ ਜਨਤਕ ਸੇਵਾਵਾਂ ਨਾਲ ਜੁੜੇ ਮੁੱਦੇ ਉਠਾਏ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਦੇ ਨਾਲ-ਨਾਲ ਇਲਾਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੇ ਸੰਭਾਵਿਤ ਹੱਲ ਵੀ ਦੱਸੇ। ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ, ਜਦਕਿ ਜਿਨ੍ਹਾਂ ਮਾਮਲਿਆਂ ਵਿੱਚ ਅੱਗੇ ਕਾਰਵਾਈ ਦੀ ਲੋੜ ਸੀ, ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਕੋਲ ਭੇਜ ਦਿੱਤਾ ਗਿਆ।

ਆਪਣੇ ਸੰਬੋਧਨ ਵਿੱਚ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਡੱਡੂਮਾਜਰਾ, ਹੱਲੋਮਾਜਰਾ ਅਤੇ ਮਲੋਆ ਵਿੱਚ ਲਗਾਏ ਗਏ ਪਹਿਲੇ ਤਿੰਨ ਸਮਾਧਾਨ ਕੈਂਪਾਂ ਦੌਰਾਨ ਪ੍ਰਾਪਤ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ। ਸਿਰਫ਼ ਨੀਤੀਗਤ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਹੀ ਲੰਬਿਤ ਹਨ। ਉਨ੍ਹਾਂ ਦੱਸਿਆ ਕਿ ਮਨੀਮਾਜਰਾ ਵਿੱਚ ਲਗਾਏ ਗਏ ਕੈਂਪ ਦੌਰਾਨ ਪ੍ਰਾਪਤ 83 ਸ਼ਿਕਾਇਤਾਂ ਵਿੱਚੋਂ 76 ਦਾ ਹੱਲ ਕੀਤਾ ਜਾ ਚੁੱਕਾ ਹੈ, ਜਦਕਿ ਰਾਮਦਰਬਾਰ ਕੈਂਪ ਵਿੱਚ ਮਿਲੀਆਂ 66 ਸ਼ਿਕਾਇਤਾਂ ਵਿੱਚੋਂ 56 ਦਾ ਨਿਪਟਾਰਾ ਕੀਤਾ ਗਿਆ ਹੈ।

ਇਸ ਤਰ੍ਹਾਂ ਹੁਣ ਤੱਕ ਲਗਾਏ ਗਏ ਪੰਜ ਸਮਾਧਾਨ ਕੈਂਪਾਂ ਵਿੱਚ ਕੁੱਲ 350 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 333 ਦਾ ਹੱਲ ਕੀਤਾ ਜਾ ਚੁੱਕਾ ਹੈ ਅਤੇ ਸਿਰਫ਼ 17 ਸ਼ਿਕਾਇਤਾਂ ਲੰਬਿਤ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨੀਤੀਗਤ ਮਾਮਲਿਆਂ ਨਾਲ ਸਬੰਧਤ ਹਨ।

ਸਮਾਧਾਨ ਕੈਂਪ ਚੰਡੀਗੜ੍ਹ ਪ੍ਰਸ਼ਾਸਨ ਦੀ ਜਨਤਕ ਪਹੁੰਚ ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਦਾ ਹਿੱਸਾ ਹਨ। ਇਨ੍ਹਾਂ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਪ੍ਰਸ਼ਾਸਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਾਹਮਣੇ ਰੱਖਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਮੌਕਾ ਮਿਲਦਾ ਹੈ।