ਅੰਮ੍ਰਿਤਸਰ (ਹਰਮਿੰਦਰ ਸਿੰਘ ਨਾਗਪਾਲ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਸਮੇਂ ਤੋਂ ਇਸ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿੱਚ ਜਨਮੇ ਐਡਵੋਕੇਟ ਧਾਮੀ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਅੰਤ੍ਰਿੰਗ ਮੈਂਬਰ ਵੀ ਰਹੇ।

ਐਡਵੋਕੇਟ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾਵਾਂ ਨਿਭਾਈਆਂ। ਉਸ ਤੋਂ ਬਾਅਦ ਨਵੰਬਰ 2021 ਵਿੱਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ’ਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਸਮਝ ਰੱਖਦੇ ਹਨ ਅਤੇ ਇੱਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵੀ ਵੀ ਕਰਦੇ ਰਹੇ ਹਨ।

ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਦੇ ਇਤਿਹਾਸ ਨਾਲ ਸਬੰਧਤ ਕਈ ਸ਼ਤਾਬਦੀਆਂ ਮਨਾਉਣ ਦਾ ਮੌਕਾ ਵੀ ਮਿਲਿਆ। ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਉਨ੍ਹਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜ਼ਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਵੀ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿੱਚ ਆਈ। ਇਹ ਅਕੈਡਮੀ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ।

ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾ ਤਾਲਮੇਲ ਵਿੱਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਪੰਥਕ ਜਥੇਬੰਦੀਆਂ ਅਤੇ ਸੰਸਥਾਵਾਂ ਦਾ ਭਰਵਾਂ ਸਹਿਯੋਗ ਮਿਲਦਾ ਹੈ।

ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ

ਪ੍ਰਧਾਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸੀਨੀਅਰ ਮੀਤ ਪ੍ਰਧਾਨ: ਸ. ਰਘੂਜੀਤ ਸਿੰਘ ਵਿਰਕ

ਜੂਨੀਅਰ ਮੀਤ ਪ੍ਰਧਾਨ: ਸ. ਗੁਰਬਖਸ਼ ਸਿੰਘ ਖਾਲਸਾ

ਜਨਰਲ ਸਕੱਤਰ: ਸ. ਗੁਰਪ੍ਰੀਤ ਸਿੰਘ ਝੱਬਰ

ਚੁਣੇ ਗਏ ਅੰਤ੍ਰਿੰਗ ਮੈਂਬਰ

ਸ. ਮੋਹਨ ਸਿੰਘ ਬੰਗੀ

ਸ. ਬਾਵਾ ਸਿੰਘ ਗੁਮਾਨਪੁਰਾ

ਸ. ਰਣਜੀਤ ਸਿੰਘ ਕਾਹਲੋਂ

ਸ. ਨਵਤੇਜ ਸਿੰਘ ਕਾਉਣੀ

ਬੀਬੀ ਪਰਮਜੀਤ ਕੌਰ ਮੂਣਕ

ਸ. ਰਵਿੰਦਰ ਸਿੰਘ ਖਾਲਸਾ

ਸ. ਦਰਸ਼ਨ ਸਿੰਘ ਬਰਾੜ ਮੋਠਾਂਵਾਲੀ

ਸ. ਚਰਨ ਸਿੰਘ ਆਲਮਗੀਰ

ਸ. ਗੁਰਿੰਦਰਪਾਲ ਸਿੰਘ ਗੋਰਾ

ਸ. ਕੁਲਦੀਪ ਸਿੰਘ ਨੱਸੂਪੁਰ

ਬੀਬੀ ਨਰਿੰਦਰ ਕੌਰ ਰਣੀਆ