ਚੰਡੀਗੜ੍ਹ, 17 ਅਕਤੂਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮੇਕ ਇਨ ਇੰਡੀਆ’ ਵਿਜ਼ਨ ਨੂੰ ਸਾਕਾਰ ਕਰਨ ਅਤੇ ਹਰਿਆਣਾ ਵਿੱਚ ਵਿਦੇਸ਼ੀ ਨਿਵੇਸ਼ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਹਾਲ ਹੀ ਵਿੱਚ ਹਰਿਆਣਾ ਸਰਕਾਰ ਦੇ ਵਫ਼ਦ ਨੇ ਸਵੀਡਨ ਅਤੇ ਸਿੰਗਾਪੁਰ ਦਾ ਦੌਰਾ ਕੀਤਾ ਹੈ।
ਮੁੱਖ ਮੰਤਰੀ ਚੰਡੀਗੜ੍ਹ ਵਿੱਚ ਸੂਬਾ ਸਰਕਾਰ ਦੇ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ’ਤੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵੀਡਨ ਦੇ ਤਿੰਨ ਦਿਨਾਂ ਦੌਰੇ ਦੌਰਾਨ ਪ੍ਰਮੁੱਖ ਉਦਯੋਗਿਕ ਕੰਪਨੀਆਂ ਨਾਲ ਕਈ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵੱਖ-ਵੱਖ ਕੰਪਨੀਆਂ ਨਾਲ 4,000 ਕਰੋੜ ਰੁਪਏ ਦੇ ਨਿਵੇਸ਼ ਲਈ ਸਹਿਮਤੀ ਬਣੀ ਹੈ। ਇਸ ਨਾਲ ਸੂਬੇ ਵਿੱਚ 11,000 ਤੋਂ ਵੱਧ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਦੌਰੇ ਦਾ ਮੁੱਖ ਉਦੇਸ਼ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਰਾਹੀਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਗਤੀ ਦੇਣਾ ਸੀ।
ਸਿੰਗਾਪੁਰ ਦੌਰੇ ਦੌਰਾਨ 5,500 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਿੰਗਾਪੁਰ ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਨਾਲ 5,500 ਕਰੋੜ ਰੁਪਏ ਦੇ ਨਿਵੇਸ਼ ਲਈ ਸਹਿਮਤੀ ਬਣੀ ਸੀ। ਇਨ੍ਹਾਂ ਵਿੱਚ ਸਿਹਤ ਅਤੇ ਤੰਦਰੁਸਤੀ ਖੇਤਰ ਵਿੱਚ 3,000 ਕਰੋੜ ਰੁਪਏ, ਜਲ ਸੋਧ ਅਤੇ ਪ੍ਰਬੰਧਨ ਖੇਤਰ ਵਿੱਚ 1,500 ਕਰੋੜ ਰੁਪਏ ਅਤੇ ਸਿੱਖਿਆ ਖੇਤਰ ਵਿੱਚ 1,000 ਕਰੋੜ ਰੁਪਏ ਦੇ ਪ੍ਰਸਤਾਵ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸਿੰਗਾਪੁਰ ਦੀਆਂ ਕੰਪਨੀਆਂ ਦੇ ਸਹਿਯੋਗ ਨਾਲ ਪੰਚਕੂਲਾ, ਕਰਨਾਲ, ਹਿਸਾਰ, ਸੋਨੀਪਤ ਅਤੇ ਰੋਹਤਕ ਨੂੰ ਗਲੋਬਲ ਕੈਪੇਬਿਲਿਟੀ ਸੈਂਟਰ (GCC) ਅਤੇ ਤਕਨਾਲੋਜੀ ਆਧਾਰਿਤ ਕਾਰੋਬਾਰ ਦੇ ਉੱਭਰਦੇ ਵਿਕਾਸ ਕੇਂਦਰਾਂ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ। ਇਸ ਨਾਲ ਸੂਬੇ ਵਿੱਚ ਤਕਨਾਲੋਜੀ ਆਧਾਰਿਤ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਨਵੇਂ ਮੌਕੇ ਉਪਲਬਧ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਦੌਰਿਆਂ ਦੌਰਾਨ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਡਿਪਲੋਮੈਟਾਂ ਨੂੰ ਅਪ੍ਰੈਲ 2027 ਵਿੱਚ ਆਯੋਜਿਤ ਹੋਣ ਵਾਲੇ ‘Happening Haryana Global Investors Summit-2027’ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਯਤਨਾਂ ਦਾ ਉਦੇਸ਼ ਹਰਿਆਣਾ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਨੂੰ ਉਦਯੋਗਿਕ ਤੇ ਤਕਨਾਲੋਜੀ ਆਧਾਰਿਤ ਵਿਕਾਸ ਦੇ ਪ੍ਰਮੁੱਖ ਕੇਂਦਰ ਵਜੋਂ ਅੱਗੇ ਵਧਾਉਣਾ ਹੈ।
ਇਸ ਮੌਕੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਮੀਣਾ, ਕਮਿਸ਼ਨਰ ਅਤੇ ਸਕੱਤਰ ਸ੍ਰੀ ਕੇ. ਮਕਰੰਦ ਪਾਂਡੁਰੰਗ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੇਟਲੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
