ਨਵਾਂਸ਼ਹਿਰ/ਕਾਠਗੜ੍ਹ, 16 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਅੱਜ ਗੁਰਦੁਆਰਾ ਸਿੰਘ ਸਭਾ, ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਅਜੇ ਮੰਗੂਪੁਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਗੁਰਬਾਣੀ ਕੰਠ ਅਤੇ ਸਿੱਖ ਇਤਿਹਾਸ ਨਾਲ ਜੁੜੇ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਗੁਰਮਤਿ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਪ੍ਰਬੰਧਕਾਂ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ।

ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਦੇ ਸਰਪ੍ਰਸਤ ਭੁਪਿੰਦਰ ਸਿੰਘ ਬਜਰੂੜ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਗਤ ਨੇ ਅਜੇ ਮੰਗੂਪੁਰ ਦੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰਬੰਧਕਾਂ ਨੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।