ਐਸ ਏ ਐਸ ਨਗਰ, 13 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਦੀ ਮੰਗ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਐਸ ਏ ਐਸ ਨਗਰ ਦੀ ਜਥੇਬੰਦੀ ਵੱਲੋਂ ਪਾਰਟੀ ਦੇ ਪੀ.ਏ.ਐਸ.ਸੀ. ਮੈਂਬਰ ਜਥੇ. ਬਲਕਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਹਾਲੀ ਦੇ ਡੀ.ਸੀ. ਦਫਤਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਜਥੇ. ਭੁੱਲਰ ਨੇ ਕਿਹਾ ਕਿ ਪਾਰਟੀ ਵੱਲੋਂ ਮੰਗ ਪੱਤਰ ਦੇ ਕੇ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਅਤੇ ਪੰਜਾਬ ਵਿੱਚੋਂ ਬੀ.ਐਸ.ਐਫ. ਦੀਆਂ 50 ਕੰਪਨੀਆਂ ਨੂੰ ਤੁਰੰਤ ਵਾਪਸ ਮੰਗਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਵੱਲੋਂ ਪੰਜਾਬ ਵਿੱਚ ਹੁਕਮਰਾਨਾਂ ਵੱਲੋਂ ਕੀਤੇ ਜਾ ਰਹੇ ਵਿਤਕਰੇ, ਜਬਰ-ਜ਼ੁਲਮ ਅਤੇ ਬੇਇਨਸਾਫੀ ਦਾ ਅੰਤ ਕਰਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਵੱਡੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਮੀਤ ਪ੍ਰਧਾਨ ਚਰਨਜੀਤ ਸਿੰਘ ਪਡਿਆਲਾ, ਜਸਵੀਰ ਕੌਰ, ਬਲਵੀਰ ਸਿੰਘ ਸੋਹਣਾ, ਸੇਵਾ ਸਿੰਘ ਗੇਗਾਮਜਰਾ, ਕੁਲਵੀਰ ਸਿੰਘ ਖਾਲਸਾ, ਮਲਕੀਤ ਸਿੰਘ ਮੁਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਆਗੂ ਅਤੇ ਵਰਕਰ ਹਾਜ਼ਰ ਸਨ।
