ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਇਸ ਨੂੰ ਪੰਜਾਬ ਦੇ ਭਵਿੱਖ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਮੌਜੂਦਗੀ ਵਿੱਚ ਹੋਇਆ ਇਹ ਐਲਾਨ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗਾ।
ਲਾਲੀ ਬਾਜਵਾ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਭਾਈਚਾਰੇ ਅਤੇ ਆਪਸੀ ਵਿਸ਼ਵਾਸ ਦਾ ਰਿਹਾ ਹੈ। ਇਸ ਸਾਂਝੇਦਾਰੀ ਦੇ ਦੌਰ ਵਿੱਚ ਪੰਜਾਬ ਨੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇਖੀ ਹੈ ਅਤੇ ਅੱਜ ਪੰਜਾਬ ਨੂੰ ਮੁੜ ਉਸੇ ਤਰ੍ਹਾਂ ਦੀ ਮਜ਼ਬੂਤ ਲੀਡਰਸ਼ਿਪ ਅਤੇ ਸਥਿਰ ਸਰਕਾਰ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦਾ ਹਰ ਵਰਗ, ਭਾਵੇਂ ਕਿਸਾਨ ਹੋਣ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਜਾਂ ਔਰਤਾਂ, ਮੌਜੂਦਾ ਹਾਲਾਤ ਤੋਂ ਚਿੰਤਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਬਹਾਲੀ ਸਾਡੀ ਸਭ ਤੋਂ ਵੱਡੀ ਤਰਜੀਹ ਹੋਵੇਗੀ।
ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਲਾਲੀ ਬਾਜਵਾ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਬਣ ਗਿਆ ਹੈ ਅਤੇ ਹਰ ਰੋਜ਼ ਸਾਡੇ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ਾ ਘਰ-ਘਰ ਤੱਕ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਅਸਥਾਈ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਇਆ ਹਨ ਅਤੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਨ 'ਤੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਨੂੰ ਤਰਜੀਹ ਦਿੱਤੀ ਜਾਵੇਗੀ।
ਲਾਲੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਪਹਿਲਾਂ ਹੀ ਬਰਬਾਦ ਕਰ ਦਿੱਤਾ ਹੈ, ਜਦਕਿ ਕਾਂਗਰਸ ਕੋਲ ਵੀ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਾਂਗਰਸ ਨੂੰ 1984 ਵਿੱਚ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੀ ਅਤੇ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਸਿੱਖ-ਵਿਰੋਧੀ ਪਾਰਟੀ ਦੱਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਕਦੇ ਨਹੀਂ ਭੁੱਲ ਸਕਦੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ਪੰਜਾਬ ਦੀ ਜਨਤਾ ਵਿਚਕਾਰ ਜਾਣਗੇ। ਡਬਲ ਇੰਜਣ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਤਾਲਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਜਾਵੇਗਾ।
