ਫਗਵਾੜਾ (ਦਲਜੀਤ ਅਜਨੋਹਾ):- 6 ਸਾਲ ਬਾਅਦ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਗਠਜੋੜ ਨੂੰ ਪੰਜਾਬ ਦੇ ਹਾਲਾਤਾਂ ਦੇ ਤਹਿਤ ਇੱਕ ਮਹੱਤਵਪੂਰਨ ਇਤਿਹਾਸਕ ਗਠਜੋੜ ਕਰਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਪੁੱਟ ਦੇਵੇਗੀ।

ਟੋਨੀ ਨੇ ਕਿਹਾ ਕਿ ਜਦੋਂ ਵੀ ਬੀਜੇਪੀ-ਅਕਾਲੀ ਦਲ ਗਠਜੋੜ ਦੀ ਸਰਕਾਰ ਪੰਜਾਬ ਵਿੱਚ ਰਹੀ ਹੈ, ਪੰਜਾਬ ਹਮੇਸ਼ਾ ਤਰੱਕੀ ਦੀ ਰਾਹ 'ਤੇ ਰਿਹਾ ਹੈ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਿਹਾ ਹੈ। ਟੋਨੀ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਹਿੱਤ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਹਿੰਦੁਸਤਾਨ ਦੇ ਇਤਿਹਾਸ ਵਿੱਚ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ। 106 ਸਾਲ ਪੁਰਾਣੀ ਇਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕੀਤਾ।

ਉਨ੍ਹਾਂ ਕਿਹਾ ਕਿ ਜਦੋਂ ਐਮਰਜੈਂਸੀ ਲੱਗੀ ਸੀ ਤਾਂ ਸਭ ਤੋਂ ਪਹਿਲਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਮੋਰਚਾ ਖੋਲ੍ਹਿਆ ਸੀ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਆਜ਼ਾਦੀ ਤੋਂ ਬਾਅਦ ਵੀ ਗਰੀਬੀ, ਮਜ਼ਦੂਰਾਂ ਅਤੇ ਹੋਰ ਕਈ ਵੱਡੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੋਕਾਂ ਦੇ ਹਿੱਤਾਂ ਦੀ ਲੜਾਈ ਲੜੀ।

ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਗਠਜੋੜ ਹੋਇਆ ਹੈ, ਪੰਜਾਬ ਵਿੱਚ ਭਾਈਚਾਰਕ ਸਾਂਝ ਰਹੀ ਹੈ। ਪ੍ਰਕਾਸ਼ ਸਿੰਘ ਬਾਦਲ ਅਤੇ ਅਟਲ ਬਿਹਾਰੀ ਵਾਜਪਾਈ ਨੇ 1996 ਵਿੱਚ ਇਹ ਰਿਸ਼ਤਾ ਜੋੜਿਆ ਸੀ। ਉਦੋਂ ਤੋਂ ਹੀ ਇਹ ਰਿਸ਼ਤਾ ਬਹੁਤ ਮਜ਼ਬੂਤ ਰਿਹਾ ਹੈ। ਹੁਣ ਇੱਕ ਵਾਰ ਮੁੜ ਤੋਂ ਇਹ ਰਿਸ਼ਤਾ ਜੁੜ ਰਿਹਾ ਹੈ ਤਾਂ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੀ ਭਲਾਈ ਲਈ ਕੰਮ ਕਰਨਗੀਆਂ।

ਟੋਨੀ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਡਰੱਗ ਮਾਫੀਆ ਅਤੇ ਗੈਂਗਸਟਰ ਰਾਜ ਕਰ ਰਹੇ ਹਨ। ਕਿਸਾਨ ਵੀ ਲਗਾਤਾਰ ਸੜਕਾਂ 'ਤੇ ਹਨ। ਪੰਜਾਬ ਨੂੰ ਮੁੜ ਤੋਂ ਉਹੀ ਰੰਗਲਾ ਪੰਜਾਬ ਬਣਾਉਣ ਦੀ ਲੋੜ ਹੈ ਅਤੇ ਇਹ ਕੰਮ ਡਬਲ ਇੰਜਣ ਦੀ ਸਰਕਾਰ ਹੀ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਵਿੱਚੋਂ ਅਪਰਾਧ ਖ਼ਤਮ ਕਰਾਂਗੇ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਖ਼ਤਮ ਕਰਾਂਗੇ। ਗੈਂਗਸਟਰਾਂ ਦਾ ਸਫਾਇਆ ਕਰਕੇ ਕਾਰੋਬਾਰੀਆਂ ਨੂੰ ਡਰ-ਮੁਕਤ ਕਰਾਂਗੇ। ਸਿੱਖ ਕੌਮ ਦੇ ਬਹੁਤ ਮਸਲੇ ਹਨ ਅਤੇ ਕਿਸਾਨੀ ਦੇ ਵੀ ਬਹੁਤ ਮਸਲੇ ਹਨ। ਕੇਂਦਰ ਸਰਕਾਰ ਤੋਂ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਵਾਇਆ ਜਾਵੇਗਾ।

ਟੋਨੀ ਨੇ ਕਿਹਾ ਕਿ ਪੰਜਾਬ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਅਤੇ ਮੁੜ ਤੋਂ ਇਸ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਵਾਂਗੇ।