ਬਲਾਚੌਰ 24 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਗੁਰਪੁਰਬ ਅਤੇ ਦੇਵ ਦੀਵਾਲੀ ਦੇ ਪਵਿੱਤਰ ਮੌਕੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਦੀ ਖ਼ਬਰ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਨਵੀਂ ਉਮੀਦ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਰਹੀ ਹੈ, ਉਸ ਸਮੇਂ ਦੌਰਾਨ ਸੂਬੇ ਵਿੱਚ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ, ਰੁਜ਼ਗਾਰ ਦੇ ਮੌਕਿਆਂ ਅਤੇ ਉਦਯੋਗਿਕ ਵਿਕਾਸ ਨੂੰ ਲੈ ਕੇ ਕਈ ਪਹਿਲਕਦਮੀਆਂ ਹੋਈਆਂ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਮਾਹੌਲ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ।

ਅਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਵਿਕਾਸਮੁਖੀ ਸੋਚ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ ਅਤੇ ਵਪਾਰ ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਸ ਗੱਠਜੋੜ ਦੇ ਏਜੰਡੇ ਅਤੇ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਫੈਸਲਾ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ, ਨੌਜਵਾਨਾਂ ਦੇ ਰੁਜ਼ਗਾਰ ਅਤੇ ਸੂਬੇ ਦੀ ਖੁਸ਼ਹਾਲੀ ਨੂੰ ਕੇਂਦਰ ਵਿੱਚ ਰੱਖ ਕੇ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਆਪਣੀ ਅਗਲੀ ਰਣਨੀਤੀ ਅਤੇ ਵਿਕਾਸ ਦਾ ਰੋਡਮੈਪ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ।