ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਨੂੰ ਗਰਿਮਾਪੂਰਨ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮਾਰੋਹ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸਹਾਇਕ ਕਮਿਸ਼ਨਰ ਸੁਮਿਤ ਮੁਧ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਗਰਿਮਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਰਵ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਸਮਾਰੋਹ ਸ਼ਾਨਦਾਰ ਅਤੇ ਯਾਦਗਾਰੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਪਰੇਡ ਦੀਆਂ ਤਿਆਰੀਆਂ, ਸਮਾਰੋਹ ਸਥਾਨ ਦੀ ਸਫ਼ਾਈ, ਸਟੇਜ ਅਤੇ ਬੈਠਣ ਦੀ ਵਿਵਸਥਾ, ਮਹਿਮਾਨਾਂ ਨੂੰ ਸੱਦੇ, ਵੱਖ-ਵੱਖ ਵਿਭਾਗਾਂ ਦੀਆਂ ਵਿਕਾਸਮੁਖੀ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ, ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਸਨਮਾਨ, ਸੁਰੱਖਿਆ ਪ੍ਰਬੰਧ, ਆਵਾਜਾਈ ਪ੍ਰਬੰਧ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰੋਹ ਨਾਲ ਸਬੰਧਤ ਸਾਰੀਆਂ ਤਿਆਰੀਆਂ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣ ਅਤੇ ਹਰ ਵਿਭਾਗ ਆਪਣੇ ਸੌਂਪੇ ਗਏ ਕੰਮ ਦੀ ਨਿਯਮਿਤ ਨਿਗਰਾਨੀ ਵੀ ਯਕੀਨੀ ਬਣਾਵੇ।
ਸੁਮਿਤ ਮੁਧ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਹੀ ਨਹੀਂ, ਸਗੋਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸਰਵੋੱਚ ਬਲੀਦਾਨ ਨੂੰ ਨਮਨ ਕਰਨ ਦਾ ਵੀ ਮੌਕਾ ਹੈ। ਇਸ ਲਈ ਸਮਾਰੋਹ ਦੀ ਹਰ ਵਿਵਸਥਾ ਗਰਿਮਾ, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਦੇ ਅਨੁਕੂਲ ਹੋਣੀ ਚਾਹੀਦੀ ਹੈ।
ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਾਰੇ ਵਿਭਾਗ ਸਮੇਂਬੱਧ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਸੁਮਿਤ ਮੁਧ
