ਹਾਂਸੀ (ਦਿਨਕਰ ਗਾਵੜੀ):- ਚਾਦਰ ਪੁਲ ਇਲਾਕੇ ਵਿੱਚ ਗੈਸ ਸਿਲੰਡਰ ਫਟਣ ਕਾਰਨ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰੇ ਵਿਅਕਤੀ ਹੁਣ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਹਿਸਾਰ ਸਥਿਤ ਮਲਿਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਦੀ ਸਿਹਤ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

ਡੀਸੀ ਰਾਹੁਲ ਨਰਵਾਲ ਦੇ ਨਿਰਦੇਸ਼ਾਂ ਅਨੁਸਾਰ ਐਸਡੀਐਮ ਰਾਜੇਸ਼ ਖੋਥ, ਤਹਿਸੀਲਦਾਰ ਅਨਿਲ ਕੁਮਾਰ ਬਿਢ਼ਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਹਾਦਸੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਮਕਾਨਾਂ ਨੂੰ ਹੋਏ ਨੁਕਸਾਨ ਦਾ ਨਿਰੀਖਣ ਕੀਤਾ।

ਐਸਡੀਐਮ ਰਾਜੇਸ਼ ਖੋਥ ਅਤੇ ਤਹਿਸੀਲਦਾਰ ਅਨਿਲ ਕੁਮਾਰ ਬਿਢ਼ਾਨ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਾਦਸੇ ਕਾਰਨ ਹੋਏ ਨੁਕਸਾਨ ਦਾ ਵਿਸਥਾਰਪੂਰਵਕ ਮੁਲਾਂਕਣ ਕਰਨ ਅਤੇ ਇਸ ਦੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਮੁਲਾਂਕਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਨਿਯਮਾਂ ਅਨੁਸਾਰ ਜਲਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਪ੍ਰਸ਼ਾਸਨ ਦੀ ਪਹਿਲ ਹੈ ਕਿ ਇਸ ਮੁਸ਼ਕਲ ਸਮੇਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਐਸਡੀਐਮ ਰਾਜੇਸ਼ ਖੋਥ ਨੇ ਸਪੱਸ਼ਟ ਕੀਤਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰੇ ਵਿਅਕਤੀਆਂ ਦੇ ਇਲਾਜ ਦਾ ਖਰਚਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਅਤੇ ਜ਼ਖ਼ਮੀਆਂ ਦੇ ਇਲਾਜ ਵੱਲ ਪੂਰਾ ਧਿਆਨ ਦੇਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਦੇ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਸਹਾਇਤਾ ਯਕੀਨੀ ਬਣਾਈ ਜਾਵੇ।

ਜ਼ਿਕਰਯੋਗ ਹੈ ਕਿ 17 ਨਵੰਬਰ ਨੂੰ ਸਵੇਰੇ ਕਰੀਬ ਸੱਤ ਵਜੇ ਸ਼ੇਖਪੁਰਾ ਗ੍ਰਾਮ ਪੰਚਾਇਤ ਅਧੀਨ ਆਉਂਦੇ ਚਾਦਰ ਪੁਲ ਇਲਾਕੇ ਵਿੱਚ ਇੱਕ ਮਕਾਨ ਅੰਦਰ ਗੈਸ ਸਿਲੰਡਰ ਫਟਣ ਕਾਰਨ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿੱਚ 45 ਸਾਲਾ ਨਵੀਨ, ਸੁਨੀਤਾ, 12 ਸਾਲਾ ਨਿਖਿਲ ਅਤੇ ਛੇ ਸਾਲਾ ਮੀਤ ਜ਼ਖ਼ਮੀ ਹੋ ਗਏ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾ 112 ’ਤੇ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਐਂਬੂਲੈਂਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਬਿਹਤਰ ਇਲਾਜ ਲਈ ਉਨ੍ਹਾਂ ਨੂੰ ਹਿਸਾਰ ਦੇ ਮਲਿਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰੀ ਜਾਣਕਾਰੀ ਅਨੁਸਾਰ ਚਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

ਇਸ ਹਾਦਸੇ ਵਿੱਚ ਸਬੰਧਤ ਮਕਾਨ ਤੋਂ ਇਲਾਵਾ ਆਲੇ-ਦੁਆਲੇ ਦੇ ਤਿੰਨ ਤੋਂ ਚਾਰ ਹੋਰ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਮਕਾਨਾਂ ਅਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਵਾਇਆ ਜਾ ਰਿਹਾ ਹੈ। ਸਬੰਧਤ ਵਿਭਾਗਾਂ ਨੂੰ ਲੋੜੀਂਦੀ ਜਾਣਕਾਰੀ ਇਕੱਠੀ ਕਰਕੇ ਜਲਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਮਿਲਣ ਤੋਂ ਬਾਅਦ ਪ੍ਰਭਾਵਿਤ ਪਰਿਵਾਰਾਂ ਨੂੰ ਨਿਯਮਾਂ ਅਨੁਸਾਰ ਆਰਥਿਕ ਸਹਾਇਤਾ ਦੇਣ ਦੀ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇਗੀ।

ਡੀਸੀ ਰਾਹੁਲ ਨਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਜ਼ਖ਼ਮੀਆਂ ਦੇ ਇਲਾਜ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰਭਾਵਿਤ ਮਕਾਨਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।