ਨਵਾਂਸ਼ਹਿਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਨੇ ਲੰਗੜੋਆ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਖੇਡ ਸਟੇਡੀਅਮਾਂ ਦੇ ਨਾਂ ’ਤੇ ਕੀਤੇ ਜਾ ਰਹੇ ਵੱਡੇ ਘਪਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਸਰਕਾਰ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਖੇਡਾਂ ਦੇ ਨਾਂ ’ਤੇ ਲੋਕਾਂ ਨਾਲ ਠੱਗੀ ਵੱਜ ਰਹੀ ਹੈ।
ਸਰਪੰਚ ਨਿਸ਼ਾਨਵੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਸਟੇਡੀਅਮਾਂ ਦੇ ਠੇਕੇ ਠੇਕੇਦਾਰਾਂ ਨੂੰ ਦਿੱਤੇ ਗਏ ਸਨ, ਉਨ੍ਹਾਂ ਵਿੱਚੋਂ ਕਈ ਠੇਕੇਦਾਰ ਅਧੂਰੇ ਕੰਮ ਛੱਡ ਕੇ ਚਲੇ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਸਿਰਫ਼ ਨਵਾਂਸ਼ਹਿਰ ਵਿੱਚ ਹੀ ਤਿੰਨ-ਤਿੰਨ ਠੇਕੇਦਾਰ ਬਦਲ ਗਏ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕੰਮ ਵਿੱਚ ਕਿੰਨੀ ਵੱਡੀ ਗੜਬੜੀ ਹੋ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਸਟੇਡੀਅਮ ਬਣਾਏ ਗਏ ਹਨ, ਉਨ੍ਹਾਂ ਵਿੱਚ ਸਿਰਫ਼ ਕੰਧਾਂ ਨੂੰ ਰੰਗ ਕੀਤਾ ਗਿਆ ਹੈ। ਕਿਤੇ ਇੱਟਾਂ ਨਹੀਂ ਲਾਈਆਂ ਗਈਆਂ ਅਤੇ ਜਿੱਥੇ ਲਾਈਆਂ ਵੀ ਗਈਆਂ ਹਨ, ਉੱਥੇ ਸਭ ਤੋਂ ਮਾੜੀ ਗੁਣਵੱਤਾ ਵਾਲੀ ਇੱਟ ਅਤੇ ਸੀਮਿੰਟ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਹੋਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਖਿਡਾਰੀਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ।
ਸਰਪੰਚ ਨਿਸ਼ਾਨਵੀਰ ਸਿੰਘ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਗਵਰਨਰ ਸਾਹਿਬ ਨੂੰ ਮਿਲਣਗੇ ਅਤੇ ਉਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੀ ਇਸ ਦੀ ਜਾਂਚ ਕਰਨ ਲਈ ਕਿਹਾ ਜਾਵੇਗਾ, ਤਾਂ ਜੋ ਲੋਕਾਂ ਨਾਲ ਹੋਈ ਕਥਿਤ ਠੱਗੀ ਦਾ ਪਰਦਾਫਾਸ਼ ਹੋ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਇਸ ਮੌਕੇ ਨਵਾਂਸ਼ਹਿਰ ਦੇ ਵੱਡੀ ਗਿਣਤੀ ਵਿੱਚ ਸਰਪੰਚ, ਪੰਚ, ਨੰਬਰਦਾਰ ਅਤੇ ਨੌਜਵਾਨ ਹਾਜ਼ਰ ਸਨ। ਸਾਰਿਆਂ ਨੇ ਇੱਕ ਸੁਰ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਦੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਹ ਇਸ ਲੜਾਈ ਵਿੱਚ ਸਰਪੰਚ ਨਿਸ਼ਾਨਵੀਰ ਸਿੰਘ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਡਟ ਕੇ ਵਿਰੋਧ ਕਰਨਗੇ।
