ਚੰਡੀਗੜ੍ਹ:- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਐੱਨ.ਡੀ.ਏ. ਦੀ ਸਰਕਾਰ ਬਣੇਗੀ।

ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ('ਆਪ') 'ਤੇ ਤਿੱਖੇ ਹਮਲੇ ਕਰਦਿਆਂ ਇਹ ਗੱਲ ਕਹੀ। ਅਮਿਤ ਸ਼ਾਹ ਨੇ ਕਿਹਾ ਕਿ ਉਹ ਦੋ ਦਿਨ ਪਹਿਲਾਂ ਪੰਜਾਬ ਦਾ ਦੌਰਾ ਕਰਕੇ ਆਏ ਹਨ, ਜਿੱਥੇ ਉਨ੍ਹਾਂ ਦੇ ਦੋਸ਼ਾਂ ਅਨੁਸਾਰ, ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਵੱਡੇ ਪੱਧਰ 'ਤੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਸ਼ਾਹ ਨੇ ਕਿਹਾ ਕਿ ਹੁਣ ਬਹਾਨੇਬਾਜ਼ੀ ਦੀ ਰਾਜਨੀਤੀ ਨਹੀਂ ਚੱਲੇਗੀ। ਉਨ੍ਹਾਂ ਕਿਹਾ, “ਕੇਜਰੀਵਾਲ ਦਿੱਲੀ ਵਿੱਚ ਚੋਣਾਂ ਹਾਰ ਕੇ ਪੰਜਾਬ ਵਿੱਚ ਡੇਰਾ ਜਮਾ ਕੇ ਬੈਠ ਗਏ ਹਨ। ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕੰਮ ਨਹੀਂ ਕਰਨ ਦੇ ਰਹੇ ਅਤੇ ਉਨ੍ਹਾਂ ਨੇ ਸੂਬੇ ਦਾ ਕੰਮਕਾਜ ਵੀ ਵਿਗਾੜ ਕੇ ਰੱਖ ਦਿੱਤਾ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋਣ ਵਾਲਾ ਹੈ ਅਤੇ ਭਾਜਪਾ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰ ਦੇਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਦਾ ਧਿਆਨ ਹੁਣ ਪੰਜਾਬ 'ਤੇ ਕੇਂਦਰਿਤ ਹੋ ਗਿਆ ਹੈ।

ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਦੇ ਮੁੱਦਿਆਂ 'ਤੇ ਵੱਡੇ ਪੱਧਰ 'ਤੇ ਸਿਆਸਤ ਕੀਤੀ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਵਾਰ-ਵਾਰ ਤਿੱਖੇ ਹਮਲੇ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਦੌਰੇ 'ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਦੀ ਤਿਆਰੀ ਕੀਤੀ ਜਾ ਰਹੀ ਹੈ।