ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ: ਪਰਾਲੀ ਦੇ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਦੇ ਉਦੇਸ਼ ਤਹਿਤ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਐਸ. ਏ. ਐਸ. ਨਗਰ ਵਲੋਂ ਝੋਨੇ ਦੀ ਪਰਾਲੀ ਨਾ ਜਲਾਉਣ ਸੰਬੰਧੀ ਪ੍ਰੋਜੈਕਟ ਦੇ ਅਧੀਨ ਇਕ ਦਿਨਾਂ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ।
ਇਹ ਕੈਂਪ ਡਾ. ਬਲਬੀਰ ਸਿੰਘ ਖੱਦਾ, ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਐਸ. ਏ. ਐਸ. ਨਗਰ ਅਤੇ ਸ਼੍ਰੀਮਤੀ ਸੁਹਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹੁਸ਼ਿਆਰਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਪੋਸਟਰ ਮੈਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ 100 ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸਲੋਗਨ ਰਾਈਟਿੰਗ ਮੁਕਾਬਲੇ ਵਿਚ ਅਕਸ਼ਪ੍ਰੀਤ ਕੌਰ ਨੇ ਪਹਿਲਾ, ਰਣਵੀਰ ਸਿੰਘ ਨੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਜਸਦੀਪ ਸਿੰਘ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ, ਅਰਸ਼ਪ੍ਰੀਤ ਕੌਰ ਅਤੇ ਸ਼ੈਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਦੋਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਕੈਂਪ ਦੌਰਾਨ ਡਾ. ਪਾਰੁਲ ਗੁਪਤਾ ਨੇ ਪਰਾਲੀ ਤੋਂ ਹੋਣ ਵਾਲੇ ਨੁਕਸਾਨ ਅਤੇ ਓਹਨਾ ਦੀ ਸਾਂਭ ਸੰਭਾਲ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ। ਡਾ. ਕੋਮਲ ਨੇ ਪਰਾਲੀ ਨੂੰ ਯੂਰੀਆ ਨਾਲ ਸੋਧ ਕੇ ਪਸ਼ੂਆਂ ਦੀ ਖੁਰਾਕ ਵਿਚ ਵਰਤਣ ਦੇ ਤਰੀਕਿਆਂ ਬਾਰੇ ਦਸਿਆ। ਡਾ. ਬਲਬੀਰ ਸਿੰਘ ਖੱਦਾ ਨੇ ਪਸ਼ੂ ਫਾਰਮ ਤੇ ਪਰਾਲੀ ਦੇ ਸੁਚੱਜੇ ਪਰਬੰਧਨ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਸਕੂਲ ਦੇ ਵਿਦਿਆਰਥੀਆਂ ਦੁਆਰਾ ਇਕ ਰੈਲੀ ਵੀ ਕੱਢੀ ਗਈ| ਪ੍ਰੋਗਰਾਮ ਦੇ ਅੰਤ ਵਿਚ ਸ਼੍ਰੀਮਤੀ ਸੁਹਿੰਦਰ ਕੌਰ, ਨੇ ਆਏ ਮਾਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਝੋਨੇ ਦੀ ਪਰਾਲੀ ਨਾ ਜਲਾਉਣ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹੁਸ਼ਿਆਰਪੁਰ ਵਿਖੇ ਲਗਾਇਆ ਜਾਗਰੂਕਤਾ ਕੈਂਪ
