ਮੁਕੇਰੀਆਂ, 22 ਨਵੰਬਰ (ਰਣਜੀਤ ਸਿੰਘ):- ਏਂਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ-2026 ਦਾ ਆਯੋਜਨ ਬੜੀ ਹੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਧੂਮ-ਧਾਮ ਨਾਲ ਕੀਤਾ ਗਿਆ। ਇਹ ਪੂਰਾ ਖੇਡ ਸਮਾਗਮ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੁਚੱਜੇ ਪ੍ਰਬੰਧਾਂ ਹੇਠ ਨੇਪਰੇ ਚਾੜ੍ਹਿਆ ਗਿਆ।
ਇਸ ਖੇਡ ਸਮਾਰੋਹ ਵਿੱਚ ਸਰਦਾਰ ਸਰਬਜੋਤ ਸਿੰਘ ਸਾਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਏਂਜਲ ਗਰੁੱਪ ਆਫ਼ ਇੰਸਟੀਚਿਊਟਸ ਦੇ ਡਾਇਰੈਕਟਰ ਸ਼੍ਰੀਮਤੀ ਹਿਮਾਦਰੀ ਘੋਰਾਏ, ਏਂਜਲ ਕਾਨਵੈਂਟ ਸਕੂਲ ਦੇ ਡਾਇਰੈਕਟਰ ਮੈਡਮ ਅਰਪਿੰਦਰ ਅਤੇ ਆਸ-ਪਾਸ ਦੇ ਪਿੰਡਾਂ ਦੇ ਸਰਪੰਚ ਸਾਹਿਬਾਨ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰੀ।
ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਸਰਬਜੋਤ ਸਿੰਘ ਸਾਬੀ ਵੱਲੋਂ ਸਕੂਲ ਦੇ ਨਾਮ ਵਾਲੇ ਗੁਬਾਰੇ ਅਸਮਾਨ ਵਿੱਚ ਛੱਡ ਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਸ਼ਾਲ ਮਾਰਚ ਅਤੇ ਮਾਰਚ ਪਾਸਟ ਕੱਢਿਆ ਗਿਆ, ਜਿਸ ਨੇ ਸਭ ਦਾ ਦਿਲ ਜਿੱਤ ਲਿਆ।
ਖੇਡਾਂ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਟਰੈਕ ਐਂਡ ਫੀਲਡ ਮੁਕਾਬਲਿਆਂ ਅਤੇ ਮਨੋਰੰਜਕ ਖੇਡਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਲਈ ਖਾਸ ਤੌਰ 'ਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਮਾਪਿਆਂ ਨੇ ਇਨ੍ਹਾਂ ਖੇਡਾਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੂਬ ਆਨੰਦ ਮਾਣਿਆ। ਖੇਡਾਂ ਦੇ ਨਾਲ-ਨਾਲ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਅਤੇ ਸੱਭਿਆਚਾਰਕ ਡਰਿੱਲ ਨੇ ਪੂਰੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ, ਜਿਸ ਦੀ ਦਰਸ਼ਕਾਂ ਅਤੇ ਮਹਿਮਾਨਾਂ ਵੱਲੋਂ ਖੂਬ ਸ਼ਲਾਘਾ ਕੀਤੀ ਗਈ।
ਮੁੱਖ ਮਹਿਮਾਨ ਸਰਦਾਰ ਸਰਬਜੋਤ ਸਿੰਘ ਸਾਬੀ ਨੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਅਨੁਸ਼ਾਸਨ, ਪ੍ਰਬੰਧਾਂ ਅਤੇ ਵਿਦਿਆਰਥੀਆਂ ਦੇ ਹੁਨਰ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਖੇਡਾਂ ਸਾਨੂੰ ਅਨੁਸ਼ਾਸਨ, ਟੀਮ ਵਰਕ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਸਿਖਾਉਂਦੀਆਂ ਹਨ, ਜੋ ਜ਼ਿੰਦਗੀ ਦੇ ਹਰ ਮੋੜ 'ਤੇ ਕਾਮਯਾਬ ਹੋਣ ਲਈ ਜ਼ਰੂਰੀ ਹਨ। ਪ੍ਰਿੰਸੀਪਲ ਮੈਡਮ ਨੇ ਭਰੋਸਾ ਦਿਵਾਇਆ ਕਿ ਸਕੂਲ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਸਹੂਲਤ ਅਤੇ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਸਾਡੇ ਬੱਚੇ ਸੂਬਾ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰ ਸਕਣ।
ਅੰਤ ਵਿੱਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
