ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਹਾਲ ਹੀ ਵਿੱਚ ਬਿਜਲੀ ਖਪਤਕਾਰਾਂ ਲਈ ਐਲਾਨੀ ਗਈ ਵਨ ਟਾਈਮ ਸੈਟਲਮੈਂਟ (ਓਟੀਐੱਸ) ਸਕੀਮ ਨੂੰ ਲੈ ਕੇ ਆਪਣੀ ਪਿੱਠ ਥਾਪੜ ਰਹੀ ਹੈ, ਜਦਕਿ ਇਹ ਸਕੀਮ ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦੇ ਉਲਟ ਹੈ। ਇਸ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਰੇ ਨਾਗਰਿਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਹਰ ਮਹੀਨੇ ਸਿਰਫ਼ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਣ ਲੱਗੀ ਅਤੇ 300 ਯੂਨਿਟਾਂ ਤੋਂ ਇੱਕ ਯੂਨਿਟ ਵੀ ਵੱਧ ਖਪਤ ਹੋਣ 'ਤੇ ਪੂਰੀ ਖਪਤ ਦੇ ਪੈਸੇ ਵਸੂਲੇ ਜਾਣ ਲੱਗੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਖਪਤਕਾਰਾਂ ਨੂੰ ਤਾਂ ਪਹਿਲਾਂ ਤੋਂ ਹੀ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਸੀ।
ਸੂਦ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਪਰ ਸੱਚਾਈ ਇਸ ਦੇ ਬਿਲਕੁਲ ਉਲਟ ਹੈ। ਪੰਜਾਬ ਸਰਕਾਰ ਦੀ ਨਵੀਂ ਐਲਾਨੀ ਵਨ ਟਾਈਮ ਸੈਟਲਮੈਂਟ ਸਕੀਮ ਨੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ, ਕਿਉਂਕਿ ਸਰਕਾਰ ਦਾ ਦਾਅਵਾ ਹੈ ਕਿ ਨਵੀਂ ਰਾਹਤ ਸਕੀਮ ਅਧੀਨ ਕਰੀਬ 25 ਲੱਖ ਪਰਿਵਾਰਾਂ ਨੂੰ 516 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।
ਸ੍ਰੀ ਸੂਦ ਨੇ ਸਵਾਲ ਕੀਤਾ ਕਿ ਜੇਕਰ 90 ਫ਼ੀਸਦੀ ਪਰਿਵਾਰ ਮੁਫ਼ਤ ਬਿਜਲੀ ਲੈ ਰਹੇ ਸਨ ਤਾਂ ਇਹ ਕਰੀਬ 25 ਲੱਖ ਪਰਿਵਾਰ ਕੌਣ ਹਨ, ਜਿਨ੍ਹਾਂ ਨੂੰ ਓਟੀਐੱਸ ਸਕੀਮ ਅਧੀਨ ਰਾਹਤ ਦਿੱਤੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਸ ਦਾ ਸਪੱਸ਼ਟ ਮਤਲਬ ਹੈ ਕਿ ਸਰਕਾਰ ਦੇ ਦੋਵੇਂ ਦਾਅਵੇ ਆਪਸ ਵਿੱਚ ਮੇਲ ਨਹੀਂ ਖਾਂਦੇ ਅਤੇ ਮੁਫ਼ਤ ਬਿਜਲੀ ਲੈਣ ਵਾਲੇ ਅਤੇ ਓਟੀਐੱਸ ਸਕੀਮ ਦੇ ਘੇਰੇ ਵਿੱਚ ਆਉਣ ਵਾਲੇ ਖਪਤਕਾਰਾਂ ਦੀ ਗਿਣਤੀ ਦੇ ਅੰਕੜਿਆਂ ਵਿੱਚ ਕਿਤੇ ਨਾ ਕਿਤੇ ਵੱਡਾ ਫ਼ਰਕ ਹੈ।
ਸੂਦ ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਲੈਣ ਵਾਲੇ ਖਪਤਕਾਰਾਂ ਨੂੰ ਕਈ ਵਾਰ ਮੀਟਰ ਦੀ ਰੀਡਿੰਗ ਲਏ ਬਿਨਾਂ ਹੀ ਵੱਡੇ-ਵੱਡੇ ਬਿੱਲ ਭੇਜ ਦਿੱਤੇ ਗਏ, ਜਿਨ੍ਹਾਂ ਦਾ ਨਿਪਟਾਰਾ ਅਜੇ ਤੱਕ ਨਹੀਂ ਹੋਇਆ। ਬਿਜਲੀ ਦੇ ਬਿੱਲ ਅਦਾ ਕਰਨ ਵਾਲੇ ਖਪਤਕਾਰਾਂ ਨੂੰ ਪਹਿਲਾਂ ਤੋਂ ਹੀ ਕਾਫ਼ੀ ਮਹਿੰਗੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਿਜਲੀ ਬੋਰਡ ਦੀ ਭਾਰੀ ਅਦਾਇਗੀ ਲੰਬਿਤ ਹੋਣ ਕਾਰਨ ਬਿਜਲੀ ਬੋਰਡ ਬੰਦ ਹੋਣ ਦੀ ਕਗਾਰ 'ਤੇ ਹੈ। ਬਿਜਲੀ ਦੀ ਸਪਲਾਈ ਵੀ ਬਹੁਤ ਘੱਟ ਮਿਲ ਰਹੀ ਹੈ। ਉਨ੍ਹਾਂ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ।
