ਨਵਾਂਸ਼ਹਿਰ (ਦੇਸ ਰਾਜ ਬਾਲੀ):- ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਹਰ ਸਾਲ ਦੀ ਤਰ੍ਹਾਂ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਸਾਲਾਨਾ ਸਮਾਗਮ 23 ਅਕਤੂਬਰ 2026, ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ. ਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਪੰਡੋਰਾ ਮੁਹੱਲੇ ਵਿੱਚ ਬਾਈ ਜੀ ਦੀ ਕੁਟੀਆ ਵਿਖੇ ਕਰਵਾਇਆ ਜਾਵੇਗਾ ਅਤੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪੁਲਿਸ, ਸਿਹਤ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਉੱਚ ਅਧਿਕਾਰੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ। ਸਮਾਗਮ ਵਿੱਚ ਹਾਜ਼ਰ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।
ਐਸੋਸੀਏਸ਼ਨ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰਿਆਂ ਲਈ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ। ਪ੍ਰਧਾਨ ਪੁਰੀ ਨੇ ਐਸੋਸੀਏਸ਼ਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਮਾਗਮ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਜਨਰਲ ਸਕੱਤਰ ਸੁਖਦੇਵ ਸ਼ਰਮਾ, ਮੀਤ ਪ੍ਰਧਾਨ ਲਲਿਤ ਓਹਰੀ, ਸਕੱਤਰ ਹੁਸਨ ਲਾਲ ਬਾਲੀ, ਵਿੱਤ ਸਕੱਤਰ ਅਸ਼ੋਕ ਸ਼ਰਮਾ ਅਤੇ ਪ੍ਰੈੱਸ ਸਕੱਤਰ ਪੁਰਸ਼ੋਤਮ ਬੈਂਸ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
