ਸੰਗਰੂਰ, 24 ਅਕਤੂਬਰ:- ਜ਼ਿਲ੍ਹਾ ਸੰਗਰੂਰ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਭੀਖ ਮੰਗਣ ਤੋਂ ਰੋਕਣ ਦੇ ਉਦੇਸ਼ ਨਾਲ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸੁਨਾਮੀ ਗੇਟ ਵਿਖੇ ਜਾਂਚ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਸੜਕ ’ਤੇ ਬਿਨਾਂ ਕਿਸੇ ਸਪੱਸ਼ਟ ਉਦੇਸ਼ ਦੇ ਘੁੰਮਦਾ ਹੋਇਆ ਮਿਲਿਆ। ਟੀਮ ਨੇ ਬੱਚੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਸ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲੋੜੀਂਦੀ ਕਾਰਵਾਈ ਕੀਤੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਿਭਾਗੀ ਟੀਮਾਂ ਵੱਲੋਂ ਨਿਗਰਾਨੀ ਅਤੇ ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਜਾਂਚਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅਸੁਰੱਖਿਅਤ ਹਾਲਾਤ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਲੋੜ ਅਨੁਸਾਰ ਸੁਰੱਖਿਆ ਤੇ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਜਾਂਚ ਦੌਰਾਨ ਸਿੱਖਿਆ ਵਿਭਾਗ ਤੋਂ ਸ੍ਰੀ ਸ਼ਸ਼ੀ ਭੂਸ਼ਨ, ਸਿਹਤ ਵਿਭਾਗ ਤੋਂ ਡਾ. ਪ੍ਰਣਵ ਕੁਮਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਤੋਂ ਸ੍ਰੀ ਗਗਨਦੀਪ ਗਰਗ ਅਤੇ ਸ੍ਰੀ ਰੁਪਿੰਦਰ ਸਿੰਘ ਮੌਜੂਦ ਸਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੱਚਾ ਅਸੁਰੱਖਿਅਤ ਹਾਲਾਤ ਵਿੱਚ, ਬੇਸਹਾਰਾ ਜਾਂ ਸੜਕਾਂ ’ਤੇ ਭਟਕਦਾ ਹੋਇਆ ਆਉਂਦਾ ਹੈ, ਤਾਂ ਇਸ ਬਾਰੇ ਤੁਰੰਤ ਸਬੰਧਤ ਵਿਭਾਗ ਜਾਂ ਬਾਲ ਸਹਾਇਤਾ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਬੱਚੇ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ।
