ਬਲਾਚੌਰ, 12 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):-ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਅੱਜ ਚਮਕੌਰ ਸਾਹਿਬ ਪਹੁੰਚੇ, ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿੱਕੀ ਚੌਧਰੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਕਿਵੇਂ ਬਚਾਇਆ ਜਾਵੇ, ਇਸ ਬਾਰੇ ਅਹਿਮ ਸੁਝਾਅ ਸਾਂਝੇ ਕੀਤੇ।

ਵਿੱਕੀ ਚੌਧਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅੱਜ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ ਅਤੇ ਸਿਰਫ਼ ਭਾਸ਼ਣਾਂ ਨਾਲ ਇਸ ਨੂੰ ਬਚਾਇਆ ਨਹੀਂ ਜਾ ਸਕਦਾ। ਇਸ ਲਈ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ, ਰੁਜ਼ਗਾਰ ਅਤੇ ਸਕਾਰਾਤਮਕ ਸੋਚ ਨਾਲ ਜੋੜਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਈਕਲ ਯਾਤਰਾ ਦਾ ਸੰਦੇਸ਼ ਵੀ ਇਹੀ ਹੈ ਕਿ ਤੰਦਰੁਸਤ ਸਰੀਰ ਅਤੇ ਸਾਫ਼ ਸੋਚ ਨਾਲ ਹੀ ਨਸ਼ਿਆਂ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਚੰਨੀ ਨੂੰ ਸੁਝਾਅ ਦਿੱਤਾ ਕਿ ਪਿੰਡ-ਪਿੰਡ ਵਿੱਚ ਨਸ਼ਾ ਮੁਕਤੀ ਲਈ ਨੌਜਵਾਨਾਂ ਦੀਆਂ ਟੀਮਾਂ ਬਣਾਈਆਂ ਜਾਣ, ਜੋ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਕੀ ਚੌਧਰੀ ਦੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਵਰਗ ਨੂੰ ਇੱਕ ਮੰਚ ’ਤੇ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀ ਧਰਤੀ ਸ਼ਹਾਦਤ ਅਤੇ ਕੁਰਬਾਨੀ ਦੀ ਧਰਤੀ ਹੈ ਅਤੇ ਇੱਥੋਂ ਸ਼ੁਰੂ ਹੋਈ ਇਹ ਯਾਤਰਾ ਪੰਜਾਬ ਦੇ ਹਰ ਨੌਜਵਾਨ ਤੱਕ ਇਹ ਸੰਦੇਸ਼ ਲੈ ਕੇ ਜਾਵੇਗੀ ਕਿ ਨਸ਼ੇ ਛੱਡੋ, ਖੇਡਾਂ ਨਾਲ ਜੁੜੋ ਅਤੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਓ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਨੌਜਵਾਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਯਾਤਰਾ ਦਾ ਭਰਵਾਂ ਸਵਾਗਤ ਕੀਤਾ।