ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਅਗਸਤ, 2026:- “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ ਵੱਖ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਚੈਕਿੰਗ ਕੀਤੀ। ਟੀਮਾਂ ਨੇ ਪਾਣੀ ਇਕੱਤਰ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ’ਤੇ ਨਿਰੀਖਣ ਕੀਤਾ। ਜਿਥੇ ਪਾਣੀ ਖੜਾ ਸੀ, ਉਥੇ ਦਵਾਈ ਦਾ ਛਿੜਕਾਅ ਕੀਤਾ ਗਿਆ। ਟੀਮਾਂ ਨੇ ਗਮਲੇ, ਕੂਲਰ, ਫ਼ਰਿੱਜ ਅਤੇ ਹੋਰ ਕੰਟੇਨਰ ਚੈੱਕ ਕੀਤੇ ਅਤੇ ਸਭਨਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ।
ਸ਼ਹਿਰ ਦੇ ਨਿੱਜੀ ਹਪਸਤਾਲ ਵਿਚ ਫੇਰੀ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਇਹ ਮੁਹਿੰਮ ਕਈ ਹਫ਼ਤਿਆਂ ਤੋਂ ਸਾਰੇ ਜ਼ਿਲ੍ਹੇ ਵਿਚ ਲਗਾਤਾਰ ਚੱਲ ਰਹੀ ਹੈ।
ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
**ਡੇਂਗੂ ਬੁਖ਼ਾਰ ਦੇ ਲੱਛਣ**
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
