ਚੰਡੀਗੜ੍ਹ:- ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

**ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ**
ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ।
ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ ’ਤੇ ਪਾਉਣ ਦੀ ਆਸ ਹੈ।

**ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ’ਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਹੋਰ ਸੁਚਾਰੂ ਬਣਾਉਣ ਦੀ ਨੀਤੀ ਨੂੰ ਪ੍ਰਵਾਨਗੀ**
ਮੰਤਰੀ ਮੰਡਲ ਨੇ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ’ਚ ਦਾਖਲਿਆਂ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਸੁਚਾਰੂ ਬਣਾਉਣ ਲਈ ਨੀਤੀ ਨੂੰ ਪ੍ਰਵਾਨਗੀ ਦਿੱਤੀ। ਇਹ ਖੇਡਾਂ ਵਿੱਚ ਪ੍ਰਾਪਤੀ ਦੇ ਸਰਟੀਫਿਕੇਟਾਂ ਨੂੰ ਅੰਕ ਨਿਰਧਾਰਤ ਕਰਨ ਲਈ ਉਦੇਸ਼ਪੂਰਨ ਅਤੇ ਆਸਾਨੀ ਨਾਲ ਸਮਝਣ ਯੋਗ ਮਾਪਦੰਡ ਨਿਰਧਾਰਤ ਕਰਦਾ ਹੈ। ਨੀਤੀ ਦੇ ਅਨੁਸਾਰ ਖੇਡਾਂ ਵਿੱਚ ਪ੍ਰਾਪਤੀਆਂ ਨੂੰ 75 ਫੀਸਦੀ ਮਹੱਤਤਾ ਦਿੱਤੀ ਜਾਵੇਗੀ ਜਦੋਂ ਕਿ 25 ਫੀਸਦੀ ਮਹੱਤਤਾ ਦਾਖਲਾ ਪ੍ਰੀਖਿਆ ਵਿੱਚ ਕਾਰਗੁਜ਼ਾਰੀ ’ਤੇ ਅਧਾਰਿਤ ਹੋਵੇਗੀ।

**‘ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ-2016’ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ**
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਫਾਰਮਾਸਿਸਟਾਂ ਦੀ ਭਰਤੀ ਲਈ ਡਿਪਲੋਮਾ ਇਨ ਫਾਰਮੇਸੀ ਨੂੰ ਵਾਧੂ ਵਿਦਿਅਕ ਯੋਗਤਾ ਵਜੋਂ ਸ਼ਾਮਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ, 2016 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਡਿਪਲੋਮਾ ਧਾਰਕਾਂ ਨੂੰ ਫਾਰਮਾਸਿਸਟ ਦੀ ਆਸਾਮੀ ਲਈ ਅਰਜ਼ੀ ਦੇਣ ਦੇ ਯੋਗ ਬਣਾਏਗਾ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਦੀ ਸਪਲਾਈ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।

**ਪੰਜਾਬ ਦੇ ਹੋਮ ਗਾਰਡਜ਼ ਦੇ ਸ਼ਹੀਦ ਅਸ਼ੋਕ ਕੁਮਾਰ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਹਰੀ ਝੰਡੀ**
ਮਾਨਵਤਾਵਾਦੀ ਪਹੁੰਚ ਅਪਣਾਉਂਦਿਆਂ ਮੰਤਰੀ ਮੰਡਲ ਨੇ ਸ਼ਹੀਦ ਪੰਜਾਬ ਹੋਮਗਾਰਡਜ਼ ਵਲੰਟੀਅਰ ਅਸ਼ੋਕ ਕੁਮਾਰ, ਨੰਬਰ 25140/ਜੀਐਸਪੀ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਪ੍ਰਵਾਨਗੀ ਦਿੱਤੀ। ਅਸ਼ੋਕ ਕੁਮਾਰ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਡਿਊਟੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ।

**‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ **
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਆਰਡੀਨੈਂਸ, 2026”ਨੂੰ ਐਕਟ ਵਿੱਚ ਬਦਲਣਾ ਹੈ।
ਇਕ ਹੋਰ ਵੱਡੇ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ 1,158 ਅਸਾਮੀਆਂ ਲਈ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸ਼ਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਯੂਜੀਸੀ ਨਿਯਮ-2018 ਦੇ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ। ਸਰਕਾਰ ਪੀਪੀਐਸਸੀ ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ? ਹਾਂ ਕਰਵਾਏਗੀ।
ਸਾਰੇ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਪ੍ਰਦਾਨ ਕਰਨ ਲਈ, ਜਿਨ੍ਹਾਂ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ 19 ਅਕਤੂਬਰ, 2021 ਦੇ ਇਸ਼ਤਿਹਾਰ ਤਹਿਤ ਅਰਜ਼ੀ ਦਿੱਤੀ ਸੀ, ਨੂੰ ਉਪਰਲੀ ਉਮਰ ਸੀਮਾ ਵਿੱਚ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਵਾਧੂ ਉਮਰ ਦੀ ਛੋਟ ਮਿਲੇਗੀ।