ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਚੱਬੇਵਾਲ ਹਲਕੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਮਟਰਾਂ ਦੀ ਖਰੀਦ ਦੇ ਰੇਟ ਅਤੇ ਲਿਫਟਿੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਸਮਝਦਾਰੀ ਨਾਲ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਸੁਖਾਵਾਂ ਹੱਲ ਕੱਢਣ ਲਈ ਯਤਨ ਕੀਤੇ ਅਤੇ ਸਬੰਧਤ ਸਰਕਾਰੀ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ।

ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦਾ ਰਿਸ਼ਤਾ ਬਹੁਤ ਪੁਰਾਣਾ ਅਤੇ ਆਪਸੀ ਭਰੋਸੇ 'ਤੇ ਆਧਾਰਿਤ ਹੈ। ਇਹ ਨਹੁੰ-ਮਾਸ ਦੀ ਸਾਂਝ ਹੈ, ਜਿਸ ਵਿੱਚ ਦੋਵੇਂ ਧਿਰਾਂ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਦੋਵਾਂ ਵਿਚਕਾਰ ਆਪਸੀ ਸਹਿਯੋਗ ਅਤੇ ਸਦਭਾਵਨਾ ਬਣੀ ਰਹੇ, ਤਾਂ ਜੋ ਮੰਡੀਆਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲਦਾ ਰਹੇ।

ਉਨ੍ਹਾਂ ਨੇ ਭਰੋਸਾ ਜਤਾਇਆ ਕਿ ਕਿਸਾਨ ਅਤੇ ਆੜ੍ਹਤੀ ਹਮੇਸ਼ਾ ਦੀ ਤਰ੍ਹਾਂ ਅੱਗੇ ਵੀ ਆਪਸੀ ਸੂਝ-ਬੂਝ ਨਾਲ ਹਰ ਮਸਲੇ ਦਾ ਹੱਲ ਕੱਢਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਸਬੰਧਤ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਖੁਦ ਗੱਲਬਾਤ ਕੀਤੀ ਹੈ ਅਤੇ ਦੋਵਾਂ ਧਿਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (DFSC) ਅਤੇ ਮੰਡੀ ਸਕੱਤਰ ਸਮੇਤ ਸਬੰਧਤ ਸਰਕਾਰੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਆੜ੍ਹਤੀਆਂ ਦੇ ਹਿੱਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਡਾ. ਇਸ਼ਾਂਕ ਕੁਮਾਰ ਨੇ ਉਮੀਦ ਜਤਾਈ ਕਿ ਕਿਸਾਨਾਂ, ਆੜ੍ਹਤੀਆਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਮੰਡੀਆਂ ਵਿੱਚ ਸੁਖਾਵਾਂ ਮਾਹੌਲ ਬਣਿਆ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ।