ਚੰਡੀਗੜ੍ਹ, 10 ਨਵੰਬਰ:- ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚ.ਈ.ਆਰ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਅਰੁਣ ਕੁਮਾਰ ਗੁਪਤਾ ਨੇ ਅੱਜ ਹਰਿਆਣਾ ਨਿਵਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸ੍ਰੀ ਗੁਪਤਾ ਨੇ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ।

ਸ੍ਰੀ ਅਰੁਣ ਕੁਮਾਰ ਗੁਪਤਾ ਹਰਿਆਣਾ ਕੇਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਰਹੇ ਹਨ, ਜੋ ਪਿਛਲੇ ਮਹੀਨੇ ਹੀ ਸੇਵਾਮੁਕਤ ਹੋਏ ਹਨ। ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ। ਐਚ.ਈ.ਆਰ.ਸੀ. ਦੇ ਸਕੱਤਰ ਅਤੇ ਬਿਜਲੀ ਨਿਗਮਾਂ ਦੇ ਐਮ.ਡੀ. ਵਜੋਂ ਕੰਮ ਕਰਨ ਦਾ ਵਿਆਪਕ ਤਜਰਬਾ ਹੋਣ ਕਾਰਨ ਉਨ੍ਹਾਂ ਨੂੰ ਊਰਜਾ ਵਿਭਾਗ ਦੀ ਕਾਰਜਪ੍ਰਣਾਲੀ ਦੀ ਡੂੰਘੀ ਸਮਝ ਹੈ।

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਸੂਬੇ ਦੇ ਬਿਜਲੀ ਖੇਤਰ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਕਮਿਸ਼ਨ ਬਿਜਲੀ ਦਰਾਂ ਨਿਰਧਾਰਤ ਕਰਨ, ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਸੁਧਾਰ ਕਰਨ, ਖਪਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਮਿਸ਼ਨ ਦਾ ਉਦੇਸ਼ ਬਿਜਲੀ ਖੇਤਰ ਵਿੱਚ ਸੰਤੁਲਿਤ ਵਿਕਾਸ ਨੂੰ ਹੁਲਾਰਾ ਦਿੰਦਿਆਂ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਗੁਣਵੱਤਾਪੂਰਨ ਬਿਜਲੀ ਸੇਵਾਵਾਂ ਉਪਲਬਧ ਕਰਵਾਉਣ ਲਈ ਪ੍ਰਭਾਵਸ਼ਾਲੀ ਰੈਗੂਲੇਟਰੀ ਪ੍ਰਬੰਧ ਯਕੀਨੀ ਬਣਾਉਣਾ ਹੈ।

ਇਸ ਮੌਕੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸ੍ਰੀ ਏ.ਕੇ. ਸਿੰਘ, ਡਾ. ਅਮਿਤ ਕੁਮਾਰ ਅਗਰਵਾਲ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਸ੍ਰੀ ਸੀ.ਜੀ. ਰਜਨੀਕਾਂਥਨ, ਐਚ.ਵੀ.ਪੀ.ਐਨ.ਐਲ. ਦੇ ਪ੍ਰਬੰਧ ਨਿਰਦੇਸ਼ਕ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ ਅਤੇ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਵਿਕਰਮ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।