ਚੰਡੀਗੜ੍ਹ, 17 ਨਵੰਬਰ:- ਅਸਾਮ ਰਾਜ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਲਿਮਟਿਡ ਦੇ ਉਪ-ਚੇਅਰਮੈਨ ਸ੍ਰੀ ਸਿਮੰਤਾ ਦਾਸ ਅਤੇ ਡਾਇਰੈਕਟਰ ਬੋਰਡ ਦੇ ਮੈਂਬਰਾਂ ਨੇ ਅੱਜ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ।
ਇਸ ਮੌਕੇ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਬਲਦੇਵ ਸਿੰਘ ਗਰੋਹਾ, ਪ੍ਰਬੰਧ ਨਿਰਦੇਸ਼ਕ ਡਾ. ਵੰਦਨਾ ਦਿਸੋਦੀਆ ਅਤੇ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਇਸ ਦੌਰਾਨ ਦੋਵਾਂ ਨਿਗਮਾਂ ਦੇ ਨੁਮਾਇੰਦਿਆਂ ਵਿਚਕਾਰ ਅਨੁਸੂਚਿਤ ਜਾਤੀ ਵਰਗ ਦੇ ਯੋਗ ਲਾਭਪਾਤਰੀਆਂ ਦੇ ਆਰਥਿਕ ਅਤੇ ਸਮਾਜਿਕ ਉਥਾਨ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਦੇ ਸੰਚਾਲਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਵੈ-ਰੁਜ਼ਗਾਰ, ਉੱਦਮਤਾ ਵਿਕਾਸ ਅਤੇ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਦੇ ਵੱਖ-ਵੱਖ ਉਪਾਵਾਂ ’ਤੇ ਵੀ ਚਰਚਾ ਹੋਈ।
ਇਸ ਤੋਂ ਇਲਾਵਾ, ਕਰਜ਼ਾ ਵੰਡ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਵੰਡੇ ਗਏ ਕਰਜ਼ਿਆਂ ਦੀ ਸਮਾਂਬੱਧ ਤੇ ਪ੍ਰਭਾਵਸ਼ਾਲੀ ਵਸੂਲੀ ਯਕੀਨੀ ਬਣਾਉਣ ਲਈ ਅਪਣਾਈਆਂ ਜਾ ਸਕਣ ਵਾਲੀਆਂ ਰਣਨੀਤੀਆਂ ਬਾਰੇ ਵੀ ਦੋਵਾਂ ਧਿਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ।
ਦੋਵਾਂ ਨਿਗਮਾਂ ਦੇ ਨੁਮਾਇੰਦਿਆਂ ਨੇ ਇੱਕ-ਦੂਜੇ ਦੀਆਂ ਯੋਜਨਾਵਾਂ, ਕਾਰਜਪ੍ਰਣਾਲੀ ਅਤੇ ਸਫਲ ਉਪਰਾਲਿਆਂ ਤੋਂ ਸਿੱਖਦਿਆਂ ਅਨੁਸੂਚਿਤ ਜਾਤੀ ਵਰਗ ਦੇ ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਆਪਸੀ ਸਹਿਯੋਗ ਅਤੇ ਤਾਲਮੇਲ ਬਣਾਈ ਰੱਖਣ ’ਤੇ ਜ਼ੋਰ ਦਿੱਤਾ।
