ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਨਵੰਬਰ:- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੋਮਲ ਮਿੱਤਲ ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਵਿੱਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੀ ਜਾਵੇਗੀ। ਫਸਟ ਲੈਵਲ ਚੈਕਿੰਗ ਦੀ ਵਿਸਥਾਰਤ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਕੀਤੀ ਜਾਵੇਗੀ।

ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤੀ ਚੋਣ ਕਮਿਸ਼ਨ ਦੇ ਪੱਧਰ 'ਤੇ ਵੀ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਐਫਐਲਸੀ ਦੀ ਪੂਰੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਦੋ ਡਿਸਪਲੇਅ ਸਕ੍ਰੀਨਾਂ ਲਗਾਈਆਂ ਗਈਆਂ ਹਨ—ਇੱਕ ਐਫਐਲਸੀ ਸਾਈਟ 'ਤੇ ਅਤੇ ਦੂਜੀ ਸਬੰਧਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ—ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ।

ਮੁੱਖ ਚੋਣ ਅਫ਼ਸਰ ਦੇ ਹੈੱਡਕੁਆਰਟਰ 'ਤੇ ਵੀ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਓਬਜ਼ਰਵਰ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਦੌਰਾਨ ਮੌਜੂਦ ਰਹਿਣ ਲਈ ਆਪਣੇ ਨੁਮਾਇੰਦਿਆਂ ਨੂੰ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫਐਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਸਬੰਧਤ ਧਿਰਾਂ ਵਿੱਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਵਿੱਚ ਸਹਾਇਕ ਹੋਵੇਗੀ।