ਸੰਗਰੂਰ, 9 ਅਕਤੂਬਰ:- ਜ਼ਿਲ੍ਹਾ ਸੈਨਿਕ ਬੋਰਡ, ਸੰਗਰੂਰ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਵਿੱਚ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੀ ਸ਼ੁਰੂਆਤ ਜ਼ਿਲ੍ਹਾ ਸੈਨਿਕ ਬੋਰਡ ਦੇ ਸਕੱਤਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਸੰਗਰੂਰ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਸੇਵਾਮੁਕਤ) ਵੱਲੋਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਤੋਂ ਬਾਅਦ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸੰਗਰੂਰ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਸੈਨਿਕ ਬੋਰਡ ਦੇ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਰਾਜਬੀਰ ਸਿੰਘ ਭੰਗੂ (ਪੀ.ਸੀ.ਐੱਸ.) ਨੇ ਕੀਤੀ।

ਉਨ੍ਹਾਂ ਨੇ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।

ਸਹਾਇਕ ਕਮਿਸ਼ਨਰ (ਜਨਰਲ), ਸੰਗਰੂਰ ਨੇ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਸੇਵਾਮੁਕਤ) ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸੰਗਰੂਰ ਦਾ ਸਮੂਹ ਸਟਾਫ਼ ਹਾਜ਼ਰ ਸੀ।