ਹੁਸ਼ਿਆਰਪੁਰ- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (PMSMA) ਦੇ 10 ਸਾਲ ਪੂਰੇ ਹੋਣ ਦੇ ਉਪਲੱਖ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੀ.ਐਚ.ਸੀ., ਸੀ.ਐਚ.ਸੀ., ਸਬ-ਡਵੀਜ਼ਨਲ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਸ ਦਿਵਸ ਨੂੰ ਵਿਸ਼ੇਸ਼ ਤੌਰ 'ਤੇ ਮਨਾਇਆ ਗਿਆ ਅਤੇ ਗਰਭਵਤੀ ਮਹਿਲਾਵਾਂ ਨੂੰ ਯੋਜਨਾ ਅਧੀਨ ਮਿਲਣ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਐਸ.ਐਮ.ਓ. ਇੰਚਾਰਜ ਡਾ. ਨਵਜੋਤ ਸਿੰਘ ਅਤੇ ਐਸ.ਐਮ.ਓ. ਡਾ. ਨੇਹਾ ਪਾਲ ਦੀ ਅਗਵਾਈ ਵਿੱਚ ਲਗਾਏ ਕੈਂਪ ਵਿੱਚ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਇਸ ਮੌਕੇ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਗਰਭਵਤੀ ਮਹਿਲਾਵਾਂ ਦੀ ਸੁਰੱਖਿਅਤ ਗਰਭ ਅਵਸਥਾ ਅਤੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ 9 ਤਾਰੀਖ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਮਹਿਲਾਵਾਂ ਨੂੰ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਜਾਂਚ ਅਤੇ ਸਲਾਹ ਪ੍ਰਦਾਨ ਕੀਤੀ ਜਾਂਦੀ ਹੈ।
ਡਾ. ਨੇਹਾ ਪਾਲ ਨੇ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚਾਂ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਸਾਰੀਆਂ ਮੁਫ਼ਤ ਸੇਵਾਵਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚਾਂ ਰਾਹੀਂ ਉੱਚ ਜੋਖਿਮ ਵਾਲੀਆਂ ਗਰਭ ਅਵਸਥਾਵਾਂ ਦੀ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।
ਗਾਇਨੀ ਮਾਹਰ ਡਾ. ਪਰਵਾਜ਼ ਨੇ ਗਰਭਵਤੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਏ.ਐਨ.ਸੀ. ਜਾਂਚ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਟੈਸਟ, ਟੀ.ਟੀ. ਟੀਕਾਕਰਨ, ਅਲਟਰਾਸਾਊਂਡ ਸਬੰਧੀ ਸਲਾਹ, ਆਇਰਨ-ਫੋਲਿਕ ਐਸਿਡ, ਕੈਲਸ਼ੀਅਮ ਅਤੇ ਹੋਰ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਗਰਭ ਅਵਸਥਾ ਦੌਰਾਨ ਘੱਟੋ-ਘੱਟ ਚਾਰ ਏ.ਐਨ.ਸੀ. ਜਾਂਚਾਂ, ਸੰਤੁਲਿਤ ਖੁਰਾਕ, ਆਇਰਨ-ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਾ ਨਿਯਮਿਤ ਸੇਵਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਡਾਕਟਰੀ ਜਾਂਚਾਂ ਨਾਲ ਗਰਭ ਅਵਸਥਾ ਦੌਰਾਨ ਆਉਣ ਵਾਲੀਆਂ ਪੇਚੀਦਗੀਆਂ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕਦਾ ਹੈ।
ਜਿਲਾ ਮਾਸ ਮੀਡੀਆ ਅਫਸਰ ਸ਼੍ਰੀ ਤਰਸੇਮ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਗਰਭਵਤੀ ਮਹਿਲਾਵਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦੀਆਂ ਮੁਫ਼ਤ ਜਾਂਚਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਤ੍ਰਿਤਵ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉੱਚ ਜੋਖਿਮ ਵਾਲੀਆਂ ਗਰਭਵਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਸਲਾਹ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ। ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ ਵੱਲੋਂ ਬਾਖੂਬੀ ਮੰਚ ਸੰਚਾਲਨ ਕੀਤਾ ਗਿਆ।
ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀਮਤੀ ਰਮਨਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਰੋਹਿਤ ਸ਼ਰਮਾ, ਡਾ. ਤਰਨਪ੍ਰੀਤ (ਫੈਸਿਲਿਟੀ ਮੈਨੇਜਰ), ਆਈ.ਸੀ.ਐਨ. ਹਰਪ੍ਰੀਤ ਕੌਰ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਹਾਜ਼ਰ ਸਨ।
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ
