ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 3 ਅਕਤੂਬਰ:- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਰਾਜ ਕਾਰਜ ਯੋਜਨਾ 2026-27 ਅਧੀਨ ਚਲਾਈ ਜਾ ਰਹੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਕੱਲ੍ਹ ਜ਼ੀਰਕਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਨਗਰ ਕੌਂਸਲਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਵਿਰਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਐਡਵੋਕੇਟ ਆਰਤੀ ਸ਼ਰਮਾ ਨੇ ‘ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਇਸ ਕਾਨੂੰਨ ਤਹਿਤ ਮਿਲਦੇ ਅਧਿਕਾਰਾਂ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਦੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।
ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਸ੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 9 ਅਕਤੂਬਰ 2026 ਨੂੰ ਗੁਰਦੁਆਰਾ ਸਾਹਿਬ ਬਿਸ਼ਨਪੁਰਾ, ਐਮ.ਸੀ. ਰੋਡ, ਜ਼ੀਰਕਪੁਰ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਸਿਹਤ ਜਾਂਚ ਅਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਬਜ਼ੁਰਗਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ।
ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਵੱਖ-ਵੱਖ ਭਲਾਈ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਉਪਲਬਧ ਸਰਕਾਰੀ ਸਹੂਲਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
