ਬਠਿੰਡਾ, 07 ਸਤੰਬਰ 2026:- ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ਰਾਸ਼ਟਰੀ ਪੋਸ਼ਣ ਜਾਗਰੂਕਤਾ ਹਫ਼ਤੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਪੋਸ਼ਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਜੱਚਾ ਬੱਚਾ ਹਸਪਤਾਲ ਵਿਖੇ ਗਰਭਵਤੀ ਮਹਿਲਾਵਾਂ ਨੂੰ ਰਾਸ਼ਟਰੀ ਪੋਸ਼ਣ ਜਾਗਰੂਕਤਾ ਹਫ਼ਤੇ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ, ਸਫ਼ਾਈ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ।
ਉਹਨਾਂ ਦੱਸਿਆ ਕਿ ਸਿਹਤਮੰਦ ਰਹਿਣ ਲਈ ਰੋਜ਼ਾਨਾ ਦੀ ਖੁਰਾਕ ਵਿੱਚ ਸਾਰੇ ਲੋੜੀਂਦੇ ਪੋਸ਼ਕ ਤੱਤਾਂ ਦਾ ਸ਼ਾਮਲ ਹੋਣਾ ਜ਼ਰੂਰੀ ਹੈ। ਖੁਰਾਕ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਅਨਾਜ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਉਚਿਤ ਮਾਤਰਾ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਬਹੁਤ ਜ਼ਿਆਦਾ ਨਮਕ, ਚੀਨੀ ਅਤੇ ਤੇਲ ਵਾਲੇ ਭੋਜਨ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ ਗਈ। ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗਾਂ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਵਿਸ਼ੇਸ਼ ਮਹੱਤਵ ਰੱਖਦੀ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਉਨ੍ਹਾਂ ਨੂੰ ਉਮਰ ਅਨੁਸਾਰ ਪੌਸ਼ਟਿਕ ਭੋਜਨ ਦੇਣ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਹੱਥ ਧੋਣ ਦੀ ਆਦਤ ਵੀ ਪਾਉਣੀ ਚਾਹੀਦੀ ਹੈ।
ਇਸ ਦੌਰਾਨ ਕੌਸ਼ਲਰ ਚਰਨਪਾਲ ਕੌਰ ਨੇ ਕੁਪੋਸ਼ਣ ਦੀ ਪਛਾਣ, ਅਨੀਮੀਆ ਤੋਂ ਬਚਾਅ, ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਲਈ ਪੂਰਕ ਖੁਰਾਕ, ਨਿੱਜੀ ਸਫ਼ਾਈ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਸਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਗਰਭਵਤੀ ਮਹਿਲਾਵਾਂ ਨੂੰ ਕਿਹਾ ਕਿ ਉਹ ਪੋਸ਼ਣ ਸਬੰਧੀ ਸਹੀ ਜਾਣਕਾਰੀ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ ਅਤੇ ਬੱਚਿਆਂ ਨੂੰ ਜੰਕ ਫੂਡ ਦੀ ਬਜਾਏ ਪੌਸ਼ਟਿਕ ਭੋਜਨ ਦੇਣ। ਚੰਗਾ ਪੋਸ਼ਣ ਤੰਦਰੁਸਤ ਸਮਾਜ ਦੀ ਨੀਂਹ ਹੈ ਅਤੇ ਕੁਪੋਸ਼ਣ ਨੂੰ ਦੂਰ ਕਰਨ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਸਿਰਫ਼ ਇੱਕ ਹਫ਼ਤੇ ਤੱਕ ਸੀਮਤ ਨਾ ਰੱਖਦੇ ਹੋਏ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਰਾਸ਼ਟਰੀ ਪੋਸ਼ਣ ਜਾਗਰੂਕਤਾ ਹਫ਼ਤੇ ਦੌਰਾਨ ਲੋਕਾਂ ਨੂੰ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਕੀਤਾ ਜਾਗਰੂਕ ਡਾ ਤਪਿੰਦਰਜੋਤ
