ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 22 ਅਕਤੂਬਰ:- ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ, ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਵਿਵਹਾਰ ਅਪਣਾਉਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਦੁਆਬਾ ਗਰੁੱਪ ਆਫ਼ ਕਾਲਜਿਜ਼, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ, ਸ੍ਰੀ ਵਰੁਣ ਸ਼ਰਮਾ ਅਤੇ ਕਪਤਾਨ ਪੁਲਿਸ (ਟ੍ਰੈਫਿਕ), ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ (ਟ੍ਰੈਫਿਕ), ਸ੍ਰੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨਸ਼ਿਆਂ ਦੀ ਵਰਤੋਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਵਾਹਨ ਚਲਾਉਂਦੇ ਸਮੇਂ ਰਫ਼ਤਾਰ ਕਾਬੂ ਵਿੱਚ ਰੱਖਣ, ਲਾਲ ਬੱਤੀ ਪਾਰ ਨਾ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ, ਚਾਰ ਪਹੀਆ ਵਾਹਨ ਵਿੱਚ ਸੀਟ ਬੈਲਟ ਲਗਾਉਣ, ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਡਰਾਈਵਿੰਗ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ।

ਵਿਦਿਆਰਥੀਆਂ ਨੂੰ ਸੜਕ ’ਤੇ ਚੱਲਦਿਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਦੂਜਿਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਬਿਨਾਂ ਕਿਸੇ ਡਰ ਦੇ ਮਦਦ ਕਰਨੀ ਚਾਹੀਦੀ ਹੈ।

ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਕਰਨ ’ਤੇ ਪਹਿਲੀ ਵਾਰ ਉਲੰਘਣਾ ਲਈ 5,000 ਰੁਪਏ ਅਤੇ ਦੂਜੀ ਵਾਰ ਉਲੰਘਣਾ ਲਈ 10,000 ਰੁਪਏ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਕਾਨੂੰਨ ਦੇ ਲਾਗੂ ਉਪਬੰਧਾਂ ਅਨੁਸਾਰ ਛੇ ਮਹੀਨੇ ਤੱਕ ਦੀ ਕੈਦ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕਰਨ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਸੈਮੀਨਾਰ ਦੇ ਅੰਤ ਵਿੱਚ ਸ੍ਰੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ, ਅਨੁਸ਼ਾਸਨ ਅਪਣਾਉਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਦੁਆਬਾ ਗਰੁੱਪ ਆਫ਼ ਕਾਲਜਿਜ਼, ਖਰੜ ਦੇ ਪ੍ਰਿੰਸੀਪਲ ਡਾਇਰੈਕਟਰ ਡਾ. ਮੀਨਾ ਜੇਤਲੀ, ਪ੍ਰਿੰਸੀਪਲ ਡਾਇਰੈਕਟਰ ਡਾ. ਪ੍ਰੀਤ ਮੋਹਿੰਦਰ ਸਿੰਘ, ਸ. ਬਾਥ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਅਜਿਹਾ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਟ੍ਰੈਫਿਕ ਪੁਲਿਸ ਦਾ ਧੰਨਵਾਦ ਕੀਤਾ।