ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ:- ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰੁਨ ਸ਼ਰਮਾ ਅਤੇ ਐਸ.ਪੀ. ਟ੍ਰੈਫਿਕ ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਟ੍ਰੈਫਿਕ ਸ੍ਰੀ ਕਰਨੈਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਇੰਚਾਰਜ ਸਿਟੀ-1 ਏ.ਐਸ.ਆਈ. ਜਨਕ ਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੀਗੇ ਮਾਜਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਯੁਵਾ ਸਾਂਝ ਅਤੇ ਸਾਂਝ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਵਿਦਿਆਰਥੀਆਂ ਨੂੰ ਖਾਸ ਤੌਰ ’ਤੇ ਜਾਗਰੂਕ ਕਰਦਿਆਂ ਕਿਹਾ ਗਿਆ ਕਿ ਨਾਬਾਲਗ ਬੱਚਿਆਂ ਨੂੰ ਬਿਨਾਂ ਡਰਾਈਵਿੰਗ ਲਾਇਸੰਸ ਵਾਹਨ ਨਹੀਂ ਚਲਾਉਣਾ ਚਾਹੀਦਾ। ਦੋ ਪਹੀਆ ਵਾਹਨ ਚਲਾਉਂਦੇ ਸਮੇਂ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਹੈਲਮਟ ਪਹਿਨਣਾ ਲਾਜ਼ਮੀ ਸੁਰੱਖਿਆ ਸਾਵਧਾਨੀ ਹੈ। ਇਸ ਤੋਂ ਇਲਾਵਾ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਅਤੇ ਸੜਕ ’ਤੇ ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਸਹਾਇਤਾ ਲਈ 112 ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਆਨਲਾਈਨ ਠੱਗੀ ਜਾਂ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਦੀ ਸੂਰਤ ਵਿੱਚ ਤੁਰੰਤ 1930 ਸਾਈਬਰ ਕ੍ਰਾਈਮ ਹੈਲਪਲਾਈਨ ’ਤੇ ਸੰਪਰਕ ਕਰਨ ਲਈ ਵੀ ਜਾਗਰੂਕ ਕੀਤਾ ਗਿਆ।
ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਆਪ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੂੰ ਵੀ ਨਸ਼ਿਆਂ ਅਤੇ ਸੜਕ ਹਾਦਸਿਆਂ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਸੱਦਾ ਦਿੱਤਾ।
