ਚੰਡੀਗੜ੍ਹ, 6 ਦਸੰਬਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਬਹੁਤ ਜ਼ਿਆਦਾ ਪੁਲੀਸ ਬਲ ਦੀ ਵਰਤੋਂ ਕਰਨ ਅਤੇ ਅਜ਼ਥਰੂ ਗੈਸ ਦੇ ਗੋਲੇ ਛੱਡਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਪਿਛਲੀ ਮੋਹਨ ਲਾਲ ਖਟਟਰ ਸਰਕਾਰ ਦੇ ਨਕਲ ਕਦਮਾਂ 'ਤੇ ਚਲਦਿਆਂ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ 'ਤੇ ਤਲੀ ਹੋਈ ਹੈ, ਜੋ ਕਿ ਬਹੁਤ ਹੀ ਗੈਰ-ਲੋਕਤੰਤਰੀ ਕਦਮ ਹੈ।
ਉਹਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸਾਨ ਉਨ੍ਹਾਂ ਦੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਨਹੀਂ ਕਰ ਰਹੇ ਹਨ, ਉਹ ਦਿੱਲੀ ਤੱਕ ਪਹੁੰਚਣ ਲਈ ਹਰਿਆਣਾ ਨੂੰ ਇਕ ਰਸਤੇ ਵਜੋਂ ਵਰਤ ਰਹੇ ਹਨ। ਬਾਜਵਾ ਨੇ ਕਿਹਾ ਕਿ ਸਾਰੇ ਹੈਰਾਨ ਹਨ ਕਿ ਹਰਿਆਣਾ ਸਰਕਾਰ ਇਸ ਤੋਂ ਪਰੇਸ਼ਾਨ ਕਿਉਂ ਹੈ। ਬਾਜਵਾ ਨੇ ਕਿਹਾ ਕਿ ਹਰ ਭਾਰਤੀ ਨਾਗਰਿਕ ਨੂੰ ਆਪਣੀ ਰਾਜਧਾਨੀ ਵਿੱਚ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਅਤੇ ਆਪਣੀ ਆਵਾਜ਼ ਸੁਣਾਉਣ ਦਾ ਅਧਿਕਾਰ ਹੈ। ਇਸ ਦੌਰਾਨ ਹਰਿਆਣਾ ਦੀ ਤਾਨਾਸ਼ਾਹੀ ਭਾਜਪਾ ਸਰਕਾਰ ਨੇ ਜੋ ਕੀਤਾ ਹੈ, ਉਹ ਬਹੁਤ ਮੰਦਭਾਗਾ ਅਤੇ ਨਿੰਦਾ ਯੋਗ ਹੈ।
ਬਾਜਵਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਰੂਪ ਦੇਣ ਦਾ ਲਾਭ ਸਿਰਫ ਪੰਜਾਬੀ ਕਿਸਾਨਾਂ ਨੂੰ ਹੀ ਨਹੀਂ ਮਿਲੇਗਾ, ਸਗੋਂ ਹਰਿਆਣਾ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਰਾਹਤ ਮਿਲੇਗੀ।
ਇਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ 101 ਕਿਸਾਨਾਂ ਦੇ ਸਮੂਹ ਮਰਜੀਵੜਾ ਜਥੇ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਰੂਪ ਦੇਣ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ ਅੱਜ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਉਨ੍ਹਾਂ ਨੂੰ ਇਕ ਵਾਰ ਫਿਰ ਝੰਭੂ ਬਾਰਡਰ 'ਤੇ ਹਰਿਆਣਾ ਪੁਲੀਸ ਦੀ ਬੇਰਹਮਤਾ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਸਰਕਾਰ ਵਲੋਂ ਕੱਲ ਤੋਂ ਹੀ ਸਾਰੇ ਨਾਕਾ ਸਥਾਨਾਂ 'ਤੇ ਭਾਰੀ ਪੁਲੀਸ ਤਾਇਨਾਤ ਕੀਤੀ ਗਈ ਹੈ। ਦਿੱਲੀ ਵੱਲ ਮਾਰਚ ਕਰਨ ਵਾਲੇ ਕਿਸਾਨਾਂ 'ਤੇ ਅਜ਼ਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲੀਸ ਦੀ ਇਸ ਵਹਿਸ਼ੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ।
ਹਰਿਆਣਾ ਪੁਲੀਸ ਵਲੋਂ ਕਿਸਾਨਾਂ ਤੇ ਅਜ਼ਥਰੂ ਗੈਸ ਦੇ ਗੋਲੇ ਛੱਡਣ ਦੀ ਬਾਜਵਾ ਵਲੋਂ ਨਿੰਦਾ
