ਨਵਾਂਸ਼ਹਿਰ/ਕਾਠਗੜ੍ਹ, 16 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕੁਝ ਦਿਨ ਪਹਿਲਾਂ ਸ਼ੁਰੂ ਹੋਈ ਬਲਾਚੌਰ ਵਾਲੀਬਾਲ ਲੀਗ 14 ਨਵੰਬਰ 2026 ਨੂੰ ਕਾਠਗੜ੍ਹ ਸਕੂਲ ਦੇ ਗਰਾਊਂਡ ਵਿੱਚ ਬੜੇ ਉਤਸ਼ਾਹ ਨਾਲ ਸੰਪੰਨ ਹੋਈ। ਇਸ ਲੀਗ ਵਿੱਚ ਸਿਰਫ਼ ਵਾਲੀਬਾਲ ਹੀ ਨਹੀਂ, ਸਗੋਂ ਬੱਚਿਆਂ ਦੇ ਐਥਲੈਟਿਕਸ ਅਤੇ ਕਬੱਡੀ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਨੌਜਵਾਨ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਜੋਸ਼ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰਾ ਦਿਨ ਗਰਾਊਂਡ ਖਿਡਾਰੀਆਂ ਦੇ ਹੌਸਲੇ ਅਤੇ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜਦਾ ਰਿਹਾ।

ਇਸ ਸਫ਼ਲ ਆਯੋਜਨ ਦਾ ਸਿਹਰਾ ਚੌਧਰੀ ਜਸਵਿੰਦਰ ਕੁਮਾਰ ਬਿੱਕੀ ਕਾਠਗੜ੍ਹ, ਸੇਵਾਦਾਰ ਕਾਲੇ ਸ਼ਾਹ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਿਰ ਬੰਨ੍ਹਿਆ ਗਿਆ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਲੀਗ ਨੂੰ ਸਫ਼ਲ ਬਣਾਇਆ। ਸਭ ਤੋਂ ਵੱਡੀ ਗੱਲ ਇਹ ਰਹੀ ਕਿ ਇਹ ਸਾਰਾ ਕਾਰਜ ਵਿੱਕੀ ਚੌਧਰੀ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਅਤੇ ਹਰ ਰਾਜਨੀਤਕ ਤੇ ਧਾਰਮਿਕ ਸ਼ਖ਼ਸੀਅਤ ਨੂੰ ਇਸ ਵਿੱਚ ਸੱਦਾ ਦਿੱਤਾ। ਅੱਜ ਦੇ ਸਮੇਂ ਵਿੱਚ ਜਦੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ, ਉਸ ਵੇਲੇ ਅਜਿਹਾ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ, ਭਾਜਪਾ ਦੇ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਾਂਝੇ ਤੌਰ ’ਤੇ ਉਦਘਾਟਨ ਕੀਤਾ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਇੱਕੋ ਮੰਚ ’ਤੇ ਇਕੱਠੇ ਹੋਣਾ ਇਸ ਲੀਗ ਦੀ ਸਭ ਤੋਂ ਵੱਡੀ ਖ਼ੂਬਸੂਰਤੀ ਬਣਿਆ। ਇਹ ਸਾਰਾ ਉਪਰਾਲਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਇਆ ਗਿਆ। ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਨੌਜਵਾਨੀ ਨੂੰ ਸਹੀ ਸੇਧ ਦੇਣ ਲਈ ਇਹ ਮੰਚ ਸਜਾਇਆ।

ਇਸ ਮੌਕੇ ਕਾਠਗੜ੍ਹ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿੱਚ ਬਲਾਚੌਰ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਮੇਹਰ ਅਤੇ ਉੱਘੇ ਸਮਾਜ ਸੇਵੀ ਜਥੇਦਾਰ ਹਰਨੇਕ ਸਿੰਘ ਫੌਜੀ ਨੇ ਵੀ ਪਹੁੰਚ ਕੇ ਹਾਜ਼ਰੀ ਲਗਵਾਈ। ਉਨ੍ਹਾਂ ਨੇ ਇਸ ਲੀਗ ਦੇ ਆਯੋਜਨ ਲਈ ਵਿੱਕੀ ਚੌਧਰੀ ਕਾਠਗੜ੍ਹ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸੇਧ ਦੇਣਾ ਅਤੇ ਨਸ਼ਿਆਂ ਦੇ ਖ਼ਿਲਾਫ਼ ਜੰਗ ਦੀ ਸ਼ੁਰੂਆਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਅਜਿਹੇ ਉਪਰਾਲੇ ਹੀ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ’ਤੇ ਲਿਆ ਸਕਦੇ ਹਨ।

ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਖੇਡਾਂ ਹੀ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ ਅਤੇ ਅਜਿਹੀਆਂ ਲੀਗਾਂ ਇਲਾਕੇ ਵਿੱਚੋਂ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦਾ ਕੰਮ ਕਰਦੀਆਂ ਹਨ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇ ਹਰ ਪਿੰਡ ਅਤੇ ਹਰ ਇਲਾਕੇ ਵਿੱਚ ਇਸ ਤਰ੍ਹਾਂ ਦੇ ਉਪਰਾਲੇ ਹੋਣ ਤਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ ਅਤੇ ਤਰੱਕੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।