ਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਰਜਿਸਟ੍ਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫ਼ਤਰ ਅੱਗੇ ਲੈਂਡ ਮਾਰਗੇਜ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਿਹਾ ਧਰਨਾ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਬੈਠੇ ਹਨ, ਪਰ ਪੰਜਾਬ ਸਰਕਾਰ ਅਤੇ ਰਜਿਸਟ੍ਰਾਰ ਦਫ਼ਤਰ ਵੱਲੋਂ ਹਾਲੇ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅੱਜ ਦੇ ਸੂਬਾ ਪੱਧਰੀ ਧਰਨੇ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਸਮੂਹ ਬੈਂਕ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਅਗਵਾਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜੋਗਿੰਦਰਪਾਲ ਨੇ ਕੀਤੀ। ਧਰਨੇ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਰਜਿਸਟ੍ਰਾਰ ਸਹਿਕਾਰੀ ਸਭਾਵਾਂ, ਚੰਡੀਗੜ੍ਹ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

ਇਸ ਮੌਕੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ, ਪੀਏਡੀਬੀ ਬਲਾਚੌਰ ਦੇ ਮੈਨੇਜਰ ਹਰਮੇਸ਼ ਕੁਮਾਰ, ਜਿਨ੍ਹਾਂ ਕੋਲ ਬੰਗਾ ਦਾ ਵੀ ਵਾਧੂ ਚਾਰਜ ਹੈ, ਅਤੇ ਨਵਾਂਸ਼ਹਿਰ ਦੇ ਮੈਨੇਜਰ ਮੰਗਤ ਰਾਮ ਨੇ ਦੱਸਿਆ ਕਿ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਸਾਲ 2023 ਵਿੱਚ ਹੀ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਸਬੰਧੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਲਾਭ ਨਹੀਂ ਮਿਲ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ ਤਨਖਾਹ ਕਮਿਸ਼ਨ ਸਬੰਧੀ ਮਾਮਲੇ ਵਿੱਚ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਵੀ ਜਿੱਤ ਚੁੱਕੀ ਹੈ, ਫਿਰ ਵੀ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ।

ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕ ਹਾਸਲ ਕੀਤੇ ਬਿਨਾਂ ਪਿੱਛੇ ਨਹੀਂ ਹਟਣਗੇ।

ਇਸ ਮੌਕੇ ਨਰੇਸ਼ ਕੁਮਾਰ ਫੀਲਡ ਅਫ਼ਸਰ ਬਲਾਚੌਰ, ਰਣਜੀਤ ਸਿੰਘ, ਮਨੋਜ ਠਾਕੁਰ, ਕੁਲਦੀਪ ਸਿੰਘ, ਮਨਦੀਪ ਕੁਮਾਰ, ਕੁਲਜੀਤ ਸਿੰਘ, ਸ਼ਿਵਏਕਮ, ਮਨੋਜ ਕੁਮਾਰ, ਤਲਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ। ਦੂਜੇ ਪਾਸੇ ਪੀਏਡੀਬੀ ਬੈਂਕ ਦੇ ਮੁਲਾਜ਼ਮਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਕਾਰਨ ਪੀਏਡੀਬੀ ਬਲਾਚੌਰ ਬੰਦ ਰਿਹਾ, ਜਿਸ ਕਾਰਨ ਗਾਹਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।